ਅੰਮ੍ਰਿਤਸਰ: ਸਰਬੱਤ ਖਾਲਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਥਾਪੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਆਦੇਸ਼ਾਂ ਤੋਂ ਬਾਅਦ ਜਥੇਦਾਰ ਹਵਾਰਾ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਅਕਾਲ ਯੂਥ ਦਾ ਗਠਨ ਕੀਤਾ ਗਿਆ। ਸਿੱਖ ਅਹੁਦੇਦਾਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਅਕਾਲ ਯੂਥ ਦਾ ਆਗਾਜ਼ ਕੀਤਾ ਗਿਆ। ਇਸ ਸਮਾਗਮ ਦੌਰਾਨ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਬਾਪੂ ਗੁਰਚਰਨ ਸਿੰਘ ਪਟਿਆਲਾ, ਪ੍ਰੋਫ਼ੈਸਰ ਬਲਜਿੰਦਰ ਸਿੰਘ ਅੰਮ੍ਰਿਤਸਰ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਅਤੇ ਵੱਖ- ਵੱਖ ਸਿੱਖ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ।
ਦਮਦਮੀ ਟਕਸਾਲ ਦੇ ਮੁਖੀ ਗਿਆਨੀ ਰਾਮ ਸਿੰਘ ਨੇ ਕਿਹਾ ਕਿ ਜਵਾਨਾਂ ਦੇ ਦਿਲਾਂ ਦੀ ਧੜਕਣ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਆਦੇਸ਼ਾਂ ਤੋਂ ਬਾਅਦ "ਅਕਾਲ ਯੂਥ" ਦਾ ਗਠਨ ਕੀਤਾ ਗਿਆ ਹੈ ਤਾਂ ਸਿੱਖੀ ਸਿਧਾਤਾਂ ਵਿੱਚ ਆਈ ਗਿਰਾਵਟ ਨੂੰ ਦੂਰ ਕੀਤਾ ਜਾਵੇ ਤੇ ਜੋ ਥਾਂ-ਥਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਹੋ ਰਹੀਆਂ ਹਨ, ਉਨ੍ਹਾਂ ਨੂੰ ਰੋਕਿਆ ਜਾਵੇ।
ਗਿਆਨੀ ਰਾਮ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਨੇਕਾਂ ਸਿੱਖ ਫੈਡਰੇਸ਼ਨਾਂ ਬਣ ਚੁੱਕੀਆਂ ਹਨ ਪਰ ਉਹ ਛੋਟੇ-ਛੋਟੇ ਧੜਿਆਂ ਵਿੱਚ ਵੰਡੀਆਂ ਗਈਆਂ ਅਤੇ ਰਾਜਸੀ ਧਿਰਾਂ ਦੇ ਗਲਬੇ ਅਧੀਨ ਆ ਗਈਆਂ ਹਨ ਜਿਸ ਕਾਰਨ ਉਨ੍ਹਾਂ ਦਾ ਵਜੂਦ ਖ਼ਤਮ ਹੋ ਗਿਆ ਹੈ ਤੇ ਉਹ ਸਿੱਖੀ ਸਿਧਾਂਤਾਂ ਤੋਂ ਦੂਰ ਹੋ ਗਈਆਂ ਹਨ।
ਉਨ੍ਹਾਂ ਕਿਹਾ ਕਿ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੁੰਦੀ ਹੈ ਤਾਂ ਬੇਅਦਬੀ ਕਰਨ ਵਾਲੇ ਮਨੁੱਖ ਨੂੰ ਕਮਲਾ ਕਿਹਾ ਜਾਂਦਾ ਹੈ ਜਦੋਂ ਕਿ ਕਮਲੇ ਮਨੁੱਖ ਦਾ ਇਹ ਕਿਵੇਂ ਪਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨੀ ਹੈ? ਉਨ੍ਹਾਂ ਕਿਹਾ ਕਿ ਸਰੂਪਾਂ ਦੇ ਮਾਮਲਿਆਂ ਵਿੱਚ ਵੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਰੋਲ ਠੀਕ ਨਹੀਂ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਖ ਨੌਜਵਾਨੀ ਨੂੰ ਬਚਾਉਣ, ਨਸ਼ਾ ਦੀ ਰੋਕਥਾਮ ਅਤੇ ਕਿਸਾਨਾਂ ਦੇ ਸੰਘਰਸ਼ ਦਾ ਸਾਥ ਦੇਣ ਲਈ ਅਕਾਲ ਯੂਥ ਤੱਤਪਰ ਰਹੇਗੀ। ਉਨ੍ਹਾਂ ਨੇ ਖੇਤੀ ਕਾਨੂੰਨਾਂ ਵਿਰੁੱਧ ਬੋਲਦੇ ਹੋਏ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕਰ ਰਹੀਆਂ ਪਰ ਕੇਂਦਰ ਦੀ ਅੰਨੀ ਬੋਲੀ ਸਰਕਾਰ ਇਸ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਜਥੇਬੰਦੀ ਕਿਸਾਨਾਂ ਦੇ ਨਾਲ ਹੈ ਤੇ ਉਨ੍ਹਾਂ ਦੀ ਇਸ ਲੜਾਈ ਵਿੱਚ ਉਹ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ।