ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੀ, ਉਨ੍ਹਾਂ ਦਾ ਅੰਤਿਮ ਸਸਕਾਰ ਗੁਰਦੁਆਰਾ ਸੰਗਰਾਣਾ ਸਾਹਿਬ ਤਰਨਤਾਰਨ ਰੋਡ ਵਿਖੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪੰਥ ਦੀਆਂ ਕਈ ਧਾਰਮਿਕ ਅਤੇ ਸਿਆਸੀ ਸ਼ਖ਼ਸੀਅਤਾਂ ਵੀ ਵੱਡੇ ਪੱਧਰ 'ਤੇ ਸ਼ਾਮਲ ਰਹੀਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਜੀ ਦੇ ਅਕਾਲ ਚਲਾਣੇ ਨਾਲ ਸਮੁੱਚੇ ਸਿੱਖ ਪੰਥ ਨੂੰ ਡੂੰਘੀ ਸੱਟ ਲੱਗੀ ਹੈ। ਉਨ੍ਹਾਂ ਕਿਹਾ ਕਿ ਵੇਦਾਂਤੀ ਜੀ ਦੇ ਦਿਹਾਂਤ ਨਾਲ ਇੱਕ ਮਹਾਨ, ਸਮਾਜਿਕ ਅਤੇ ਸਾਹਿਤਕ ਰੂਹ ਸਾਡੇ ਕੋਲੋਂ ਵਿਛੜੀ ਹੈ, ਜਿਸ ਦਾ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ ਨੇ ਦੱਸਿਆ ਕਿ ਜਥੇਦਾਰ ਵੇਦਾਂਤੀ ਜੀ ਦੀ ਧੀ ਵਿਦੇਸ਼ ਤੋਂ ਆਉਣ ਉਪਰੰਤ ਉਨ੍ਹਾਂ ਦਾ ਸਸਕਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੀ ਨੇ ਸ਼੍ਰੋਮਣੀ ਕਮੇਟੀ 'ਚ ਲੰਬਾ ਸਮਾਂ ਵੱਖ-ਵੱਖ ਧਾਰਮਿਕ ਸੇਵਾਵਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸੰਗਰਾਣਾ ਸਾਹਿਬ ਵਿਖੇ ਅੰਤਿਮ ਸਸਕਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ:ਜਗਰਾਉਂ ਮਾਮਲੇ ’ਚ ਲੁਧਿਆਣਾ ਪੁਲਿਸ ਨੇ 18 ਪਿੰਡਾਂ ਦੀ ਕੀਤੀ ਘੇਰਾਬੰਦੀ