ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 'ਪੰਜਾਬ ਮੰਗਦਾ ਜੁਆਬ' ਮੁਹਿੰਮ ਤਹਿਤ ਸੂਬੇ 'ਚ ਵੱਖ-ਵੱਖ ਥਾਵਾਂ 'ਤੇ ਲੜੀਵਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਅਕਾਲੀ ਦਲ ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ, ਕਿਉਂਕਿ ਪੰਜਾਬ ਵਿਧਾਨਸਭਾ 2022 ਦੀਆਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਵਧਾਉਂਦਿਆਂ ਅਕਾਲੀ ਦਲ ਵੱਲੋਂ ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਚੋਣ ਮੈਦਾਨ 'ਚ ਉਤਾਰਨ ਦਾ ਐਲਾਨ ਵੀ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਜਲਾਲਾਬਾਦ ਹੋਈ ਰੈਲੀ 'ਚ ਸੁਖਬੀਰ ਬਾਦਲ ਵੱਲੋਂ ਖੁਦ ਜਲਾਲਾਬਾਦ ਤੋਂ ਚੋਣ ਲੜਨ ਦਾ ਐਲਾਨ ਵੀ ਕੀਤਾ ਗਿਆ ਸੀ।
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਮਜ਼ਬੂਤੀ ਅਤੇ ਢਾਂਚੇ ਨੂੰ ਸੰਗਠਿਤ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ਨੂੰ ਲੈਕੇ ਅਕਾਲੀ ਦਲ ਵਲੋਂ ਅਗਾਮੀ ਚੋਣਾਂ ਨੂੰ ਲੈਕੇ ਵੀ ਕੰਮ ਕਰਦਿਆਂ ਆਪਣੇ ਵਫ਼ਾਦਾਰਾਂ ਨੂੰ ਅਹੁਦੇ ਅਤੇ ਡਿਊਟੀਆਂ ਦਿੱਤੀਆਂ ਜਾ ਰਹੀਆਂ ਹਨ।
ਜ਼ਿਕਰਗਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨੀ ਵਰਕਿੰਗ ਕਮੇਟੀ ਦਾ ਵਿਸਥਾਰ ਕੀਤਾ ਗਿਆ ਹੈ। ਜਿਸ ਦੇ ਤਹਿਤ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ, ਸਾਬਕਾ ਸੰਸਦੀ ਸਕੱਤਰ ਅਤੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੂੰ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ। ਪਾਰਟੀ ਦੇ ਇਸ ਫੈਸਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਹਲਕੇ ਦੇ ਮੋਹਤਵਰਾਂ ਅਤੇ ਵਰਕਰਾਂ ਵੱਲੋਂ ਪਾਰਟੀ ਪ੍ਰਧਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਨਜੀਤ ਮੰਨਾ ਨੂੰ ਦਿੱਤੀ, ਇਸ ਜ਼ਿੰਮੇਵਾਰੀ ਨਾਲ ਹਲਕੇ 'ਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।