ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ ਕੋਰੋਨਾ ਮਹਾਂਮਾਰੀ ਦਾ ਬਹਾਨਾ ਬਣਾ ਕੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਇਸ ਪ੍ਰਤੀ ਰੋਸ ਪ੍ਰਗਟਾਇਆ ਹੈ।
ਇੱਕ ਵੀਡੀਓ ਸੁਨੇਹੇ ਰਾਹੀਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਹਰਿਆਣਾ ਸਰਕਾਰ ਕੋਰੋਨਾ ਵਾਇਰਸ ਦੀ ਆੜ ਵਿੱਚ ਡੇਰਾ ਸਿਰਸਾ ਦੇ ਮੁਖੀ ਨੂੰ ਪੈਰੋਲ 'ਤੇ ਰਿਹਾਅ ਕਰਨਾ ਚਾਹ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਡੇਰਾ ਸਿਰਸਾ ਮੁਖੀ ਨੂੰ ਪੈਰੋਲ ਮਿਲਦੀ ਹੈ ਤਾਂ ਇਸ ਨਾਲ ਪੰਜਾਬ ਅਤੇ ਹਰਿਆਣਾ ਦੀ ਸ਼ਾਂਤੀ ਭੰਗ ਹੋਵੇਗੀ, ਜਿਸ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।
ਜਥੇਦਾਰ ਨੇ ਕਿਹਾ ਕਿ ਉਹ ਡੇਰਾ ਮੁਖੀ ਨੂੰ ਪੈਰੋਲ ਦੇਣ ਦਾ ਸਖ਼ਤ ਵਿਰੋਧ ਕਰਨਗੇ। ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਵੀ ਕਿਹਾ ਕਿ ਪੈਰੋਲ 'ਤੇ ਰਿਹਾਅ ਕੀਤੇ ਸਿੱਖਾਂ ਦੀਆਂ ਰਿਹਾਈਆਂ ਰੱਦ ਕੀਤੀਆਂ ਜਾ ਰਹੀਆਂ ਹਨ।