ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾਅ ਰਹੇ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕੀਤਾ ਗਿਆ । ਇਸ ਦੇ ਨਾਲ ਹੀ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਵੀ ਸੇਵਾ ਨਿਭਾਉਣਗੇ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਗਿਆਨੀ ਸੁਲਤਾਨ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਲਗਾਉਣ ਦਾ ਵੀ ਫੈਸਲਾ ਲਿਆ ਗਿਆ ਹੈ।
ਜੀਵਨ ਉੱਤੇ ਝਾਤ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਦੇ ਰਹਿਣ ਵਾਲੇ ਹਨ। ਗਿਆਨੀ ਰਘਬੀਰ ਸਿੰਘ ਦਾ ਜਨਮ ਪਿਤਾ ਬਚਨ ਸਿੰਘ ਅਤੇ ਮਾਤਾ ਸਵਿੰਦਰ ਕੌਰ ਦੇ ਘਰ 29 ਮਾਰਚ 1970 ਨੂੰ ਹੋਇਆ। ਘਰ ਵਿੱਚ ਸ਼ੁਰੂ ਤੋਂ ਹੀ ਧਾਰਮਿਕ ਮਾਹੌਲ ਹੋਣ ਕਰਕੇ ਰਘਬੀਰ ਸਿੰਘ ਵੀ ਇਸ ਮਾਹੌਲ 'ਚ ਢੱਲਦੇ ਚਲੇ ਗਏ। ਉਨ੍ਹਾਂ ਦਾ ਰੁਝਾਨ ਪ੍ਰਮਾਤਮਾ ਦੀ ਭਗਤੀ ਵੱਲ ਵੱਧਦਾ ਚਲਾ ਗਿਆ। ਉਮਰ ਹੋਣ ਉੱਤੇ ਪਰਿਵਾਰ ਨੇ ਉਨ੍ਹਾਂ ਦਾ ਵਿਆਹ ਕੀਤਾ, ਜਿਸ ਤੋਂ ਉਨ੍ਹਾਂ ਦੇ ਘਰ 2 ਬੇਟੀਆਂ ਅਤੇ ਇੱਕ ਬੇਟਾ ਪੈਦਾ ਹੋਇਆ।
ਧਾਰਮਿਕ ਸਫ਼ਰ: ਗਿਆਨੀ ਰਘਬੀਰ ਸਿੰਘ ਨੇ ਸਾਲ 1989 ਵਿੱਚ ਆਪਣੀ ਧਾਰਮਿਕ ਜ਼ਿੰਮੇਦਾਰੀਆਂ ਦੀ ਸ਼ੁਰੂਆਤ ਕੀਤੀ। ਸਭ ਤੋਂ ਪਹਿਲਾਂ ਉਹ ਅਖੰਡ ਪਾਠੀ ਦੇ ਤੌਰ ਉੱਤੇ ਭਰਤੀ ਹੋਏ। ਜਿਸ ਤੋਂ ਬਾਅਦ 1982 ਵਿੱਚ ਉਨ੍ਹਾਂ ਨੂੰ ਗ੍ਰੰਥੀ ਸਿੰਘ ਦੀ ਜ਼ਿੰਮੇਦਾਰੀ ਸੌਂਪੀ ਗਈ। ਸਾਲ 1992 ਤੋਂ 1995 ਤੱਕ ਉਨ੍ਹਾਂ ਨੇ ਵੱਖ-ਵੱਖ ਧਾਰਮਿਕ ਅਸਥਾਨਾਂ 'ਤੇ ਗ੍ਰੰਥੀ ਸਿੰਘ ਵੱਜੋਂ ਸੇਵਾਵਾਂ ਨਿਭਾਈਆਂ। ਜਿਸ ਤੋਂ ਬਾਅਦ ਉਨ੍ਹਾਂ ਨੇ ਸਾਲ 1995 ਵਿੱਚ ਪੰਜ ਪਿਆਰਿਆਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸੇਵਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੀ ਇਹ ਸੇਵਾ 21 ਅਪ੍ਰੈਲ 2014 ਤੱਕ ਜਾਰੀ ਰਹੀ। । ਇਸੇ ਦੌਰਾਨ 21 ਅਪ੍ਰੈਲ 2014 ਨੂੰ ਰਘਬੀਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਵਜੋਂ ਨਿਯੁਕਤ ਹੋਏ ਅਤੇ 24 ਅਗਸਤ 2017 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀ ਸੇਵਾ ਸੰਭਾਲੀ। ਗਿਆਨੀ ਰਘਬੀਰ ਸਿੰਘ ਨੂੰ ਅੱਜ 16 ਜੂਨ 2023 ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਲਗਾਉਣ ਦਾ ਫੈਸਲਾ ਕੀਤਾ ਗਿਆ।
- Sri Akal Takht Sahib Jathedar: ਹੁਣ ਗਿਆਨੀ ਰਘਬੀਰ ਸਿੰਘ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
- ਜਲੰਧਰ ਦੇ ਗੁਰੂਦੁਆਰਾ ਸਾਹਿਬ ਵਿਖੇ 2 ਧਿਰਾਂ ਵਿਚਾਲੇ ਝੜਪ, ਦਸਤਾਰਾਂ ਦੀ ਕੀਤੀ ਬੇਪਤੀ
- Harjinder Singh Dhami: "ਪੰਥ ਦੀ ਮੰਗ 'ਤੇ ਗਿਆਨੀ ਹਰਪ੍ਰੀਤ ਸਿੰਘ ਦੀ ਸਵੈਇੱਛਾ ਅਨੁਸਾਰ ਗਿਆਨੀ ਰਘਬੀਰ ਸਿੰਘ ਨੂੰ ਥਾਪਿਆ ਜਥੇਦਾਰ"
ਕਿਵੇਂ ਹੁੰਦੀ ਹੈ ਚੋਣ?: ਸ੍ਰੀ ਆਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚੁਣਨ ਦਾ ਫੈਸਲਾ ਸ਼੍ਰੋਮਣੀ ਕਮੇਟੀ ਦੇ ਚੁਣੇ ਗਏ ਅਗਜੈਕਟਿਵ ਕਮੇਟੀ ਦੇ ਮੈਂਬਰ ਕਰਦੇ ਹਨ। ਅਗਜੈਕਟਿਵ ਕਮੇਟੀ ਦੇ ਮੈਂਬਰ ਨੇ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚੁਣਿਆ । ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਗਿਆਨੀ ਸੁਲਤਾਨ ਸਿੰਘ ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਵੱਜੋਂ ਸੇਵਾ ਨਿਭਾਅ ਰਹੇ ਹਨ। ਗਿਆਨੀ ਸੁਲਤਾਨ ਸਿੰਘ ਸੰਨ 2008 ਵਿੱਚ ਬਤੌਰ ਗ੍ਰੰਥੀ ਸਿੰਘ ਭਰਤੀ ਹੋਏ ਅਤੇ ਸੰਨ 2015 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸੀਆ ਵਜੋਂ ਸੇਵਾ ਸੰਭਾਲੀ। ਸੰਨ 2021 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਨਿਯੁਕਤ ਹੋਏ। ਗਿਆਨੀ ਸੁਲਤਾਨ ਸਿੰਘ ਨੂੰ ਅੱਜ 16 ਜੂਨ 2023 ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਫੈਸਲਾ ਕਰਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਿਯੁਕਤ ਕੀਤਾ ਹੈ।