ਅੰਮ੍ਰਿਤਸਰ: ਪੰਥ ਵਿੱਚੋਂ ਛੇਕੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨਾਲ ਸਾਂਝ ਰੱਖਣ ਵਾਲੇ ਐਸ.ਜੀ.ਪੀ.ਸੀ. ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਸਾਬਕਾ ਧਰਮ ਪ੍ਰਚਾਰ ਕਮੇਟੀ ਮੈਂਬਰ ਰਤਨ ਸਿੰਘ ਜਫ਼ਰਵਾਲ ਨੇ ਬੁੱਧਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜ ਕੇ ਜਥੇਦਾਰ ਅਕਾਲ ਤਖਤ ਸਾਹਿਬ ਦੇ ਨਾਂਅ ਮੁਆਫ਼ੀਨਾਮਾ ਸੌਂਪਿਆ। ਲੰਘੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ 5 ਸਿੰਘ ਸਾਹਿਬਾਨਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤਾ ਗਿਆ ਸੀ।
ਗੁਰਿੰਦਰਪਾਲ ਸਿੰਘ ਗੋਰਾ ਅਤੇ ਰਤਨ ਸਿੰਘ ਜਫਰਵਾਲ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ਮੁਆਫ਼ੀਨਾਮਾ ਉਨ੍ਹਾਂ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੂੰ ਸੌਂਪਿਆ।
ਗੁਰਿੰਦਰਪਾਲ ਸਿੰਘ ਗੋਰਾ ਨੇ ਕਿਹਾ ਕਿ ਸੋਸ਼ਲ ਮੀਡੀਆ ਅਤੇ ਅਖ਼ਬਾਰਾਂ ਤੋਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆ ਕਰਾਰ ਦੇਣ ਦਾ ਪਤਾ ਲੱਗਿਆ, ਇਸ ਲਈ ਉਹ ਬੇਨਤੀ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਤੋਂ ਜਾਣੇ-ਅਣਜਾਣੇ ਵਿੱਚ ਭੁੱਲ ਹੋ ਗਈ ਹੈ ਅਤੇ ਜੋ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੇਵਾ ਲਾਈ ਜਾਵੇਗੀ, ਉਹ ਖਿੜੇ ਮੱਥੇ ਪ੍ਰਵਾਨ ਕਰਨਗੇ।
ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਅੰਮ੍ਰਿਤ ਛਕਾਉਣ ਵਾਲੀ ਜਗ੍ਹਾ 'ਤੇ ਨਹੀਂ ਗਏ। ਜਦੋਂ ਉਨ੍ਹਾਂ ਨੂੰ ਸੁੱਚਾ ਸਿੰਘ ਲੰਗਾਹ ਨਾਲ ਸੋਸ਼ਲ ਸਾਈਟਾਂ 'ਤੇ ਵਾਇਰਲ ਹੋ ਰਹੀ ਫੋਟੋ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਇਹ ਫੋਟੋ ਪਤਾ ਨਹੀਂ ਕਦੋਂ ਦੀ ਹੈ ? ਹੋ ਸਕਦਾ ਪਹਿਲਾਂ ਦੀ ਹੋਵੇ ਤੇ ਕਿਸੇ ਨੇ ਜੋੜੀ ਹੋਵੇ।
ਰਤਨ ਸਿੰਘ ਜਫ਼ਰਵਾਲ ਨੇ ਕਿਹਾ ਕਿ ਉਹ ਅਤੇ ਉਸ ਦਾ ਸਾਰਾ ਪਰਿਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਅਤੇ ਜੋ ਵੀ ਉਨ੍ਹਾਂ ਨੂੰ ਤਨਖਾਹ ਲਾਈ ਜਾਵੇਗੀ, ਉਹ ਜ਼ਰੂਰ ਪ੍ਰਵਾਨ ਕਰਨਗੇ।