ਅੰਮ੍ਰਿਤਸਰ: ਸਿੱਖ ਧਰਮ ਦੇ ਚੌਥੇ ਗੁਰੂ ਰਾਮਦਾਸੀ ਜੀ ਦਾ ਪ੍ਰਕਾਸ਼ ਪੁਰਬ ਅੱਜ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸੰਗਤ ਦੂਰ-ਦੂਰ ਤੋਂ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ।
ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਅਪਣੀ ਪੂਰੀ ਜ਼ਿੰਦਗੀ ਮਨੁੱਖਤਾ ਦੀ ਸੇਵਾ ਕੀਤੀ। ਉਨ੍ਹਾਂ ਨੇ ਹੀ ਸਿੱਖ ਧਰਮ ਵਿੱਚ ਚਾਰ ਲਾਵਾਂ ਦੀ ਪਰੰਪਰਾ ਦਾ ਆਗਾਜ਼ ਕੀਤਾ ਤੇ ਸਮਾਜ ਵਿੱਚੋਂ ਜਾਤ ਪਾਤ,ਵਹਿਮ ਭਰਮ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦਾ ਸੁਨੇਹਾ ਦਿੱਤਾ। ਆਪ ਜੀ ਵੱਲੋਂ ਹੀ ਅੰਮ੍ਰਿਤਸਰ ਸ਼ਹਿਰ ਦੀ ਬੁਨਿਆਦ ਰੱਖੀ ਗਈ ਸੀ। ਗੁਰੂ ਸਾਹਿਬ ਦੀ ਸ਼ਰਧਾ ਭਾਵਨਾ ਅੱਜ ਵੀ ਸਿੱਖ ਧਰਮ ਲਈ ਮਿਸਾਲ ਹੈ।ਆਓ ਅਸੀਂ ਸਾਰੇ ਉਨ੍ਹਾਂ ਵੱਲੋਂ ਦਿੱਤੀਆਂ ਸਿੱਖਿਆਵਾਂ 'ਤੇ ਚੱਲ ਕੇ ਆਪਣਾ ਜੀਵਨ ਸਫ਼ਲ ਬਣਾਈਏ।
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਕੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ਵਸਦੀ ਸੰਗਤ ਨੂੰ ਵਧਾਈਆਂ ਦਿੱਤੀਆਂ।
ਇਸ ਦੇ ਨਾਲ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਸੰਗਤ ਨੂੰ ਵਧਾਈ ਦਿੱਤੀ।
ਦੱਸ ਦਈਏ, ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਦੂਰ-ਦੂਰ ਤੋਂ ਸੰਗਤ ਨਤਮਸਤਕ ਹੋ ਕੇ ਗੁਰੂ ਸਾਹਿਬ ਦੀ ਬਾਣੀ ਦਾ ਅਨੰਦ ਮਾਣ ਰਹੀ ਹੈ। ਇਸ ਤੋਂ ਬਾਅਦ ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਦੀਪਮਾਲਾ ਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ।