ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ (Harsimrat Kaur Badal) ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਜਿੱਥੇ ਉਨ੍ਹਾਂ ਵਲੌ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਉਥੇ ਹੀ ਰਸ ਬਾਣੀ ਦਾ ਆਨੰਦ ਵੀ ਮਾਣਿਆ ਗਿਆ। ਇਸ ਦੌਰਾਨ ਉਨ੍ਹਾਂ ਦੇ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਆਮ ਆਦਮੀ ਪਾਰਟੀ ਤੇ ਕਾਂਗਰਸ ‘ਤੇ ਜੰਮਕੇ ਨਿਸ਼ਾਨੇ ਸਾਧੇ। ਉਨ੍ਹਾਂ ਆਪ ਤੇ ਵਰ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਪੰਜਾਬ ਵਿਚ ਸਰਕਾਰ ਬਣਾਉਣ ਦੇ ਸੁਪਨੇ ਵੇਖ ਰਹੀ ਹੈ। ਉਨ੍ਹਾਂ ਕਿਹਾ ਕਿ ਇਹੋ ਚਾਲ 2017 ਵਿਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੀਤੀ ਸੀ ਤੇ ਉਨ੍ਹਾਂ ‘ਚੋਂ ਕੋਈ ਵਾਅਦਾ ਪੂਰਾ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜੋ ਕਿਸਾਨਾਂ ਦੇ ਹੱਕਾਂ ਦੀ ਗੱਲ ਕਰ ਰਹੀ ਹੈ ਜਿਸਨੇ ਕਿਸਾਨਾਂ ਦੀ ਸੰਘਰਸ਼ ਮੌਕੇ ਉਨ੍ਹਾਂ ਦੀ ਕੋਈ ਬਾਤ ਨਹੀਂ ਪੁੱਛੀ। ਹਰਸਮਿਰਤ ਬਾਦਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਕਿਸਾਨ ਭਾਈਚਾਰਾ ਭਲੀਭਾਂਤ ਇਨ੍ਹਾਂ ਗੱਲਾਂ ਤੋਂ ਜਾਣੂ ਹਨ।
ਉਨ੍ਹਾਂ ਕਿਸਾਨੀ ਅੰਦੋਲਨ ਨੂੰ ਲੈਕੇ ਕੇਂਦਰ ਸਰਕਾਰ ‘ਤੇ ਜੰਮਕੇ ਨਿਸ਼ਾਨੇ ਸਾਧੇ।ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਸਮੱਸਿਆ ਦਾ ਜਲਦ ਹੱਲ ਨਹੀਂ ਕੀਤਾ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਉਨ੍ਹਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਦੀ ਬੰਗਾਲ ਦੇ ਵਿੱਚ ਹਾਰ ਹੋਈ ਹੈ ਉਸੇ ਤਰ੍ਹਾਂ ਹੀ ਹੋਰ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਵੀ ਭਾਜਪਾ ਨਾਲ ਇਸੇ ਤਰ੍ਹਾਂ ਹੀ ਹੋਵੇਗਾ।
ਇਹ ਵੀ ਪੜ੍ਹੋ:ਰਾਹੁਲ ਦੀ ਨਾਂਹ ਤੋਂ ਬਾਅਦ ਨਵਜੋਤ ਸਿੱਧੂ ਨੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ