ਅੰਮ੍ਰਿਤਸਰ: ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਬੈਂਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ। ਇਸ ਦੌਰਾਨ ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦਾਲਾਂ ਤੇ ਸਬਜ਼ੀਆਂ ਦੇ ਘੋਟਾਲਿਆਂ ਬਾਰੇ ਗੱਲ ਕੀਤੀ।
ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਇੱਕ ਪਾਸੇ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੰਨਦੇ ਹਨ ਕਿ ਘੁਟਾਲਾ ਹੋਇਆ ਤੇ ਫਿਰ ਐਫਆਈਆਰ ਕਿਉਂ ਨਹੀਂ ਦਰਜ ਹੋਈ? ਉਨ੍ਹਾਂ ਕਿਹਾ ਕਿ ਜਦੋਂ ਦਾਲਾਂ ਦੀ ਚੋਰੀ ਹੋਈ ਹੈ ਤਾਂ ਪਰਚਾ ਦਰਜ ਕਰਵਾਉਣਾ ਜ਼ਰੂਰੀ ਸੀ।
ਬੈਂਸ ਨੇ ਕਿਹਾ ਕਿ ਜਿੰਨਾ ਸਮਾਂ ਪਰਚਾ ਦਰਜ ਨਹੀਂ ਹੁੰਦਾ, ਉੰਨਾ ਸਮਾਂ ਉਸ ਨੂੰ ਸਜ਼ਾ ਨਹੀਂ ਦਿੱਤੀ ਜਾ ਸਕਦੀ ਅਤੇ ਦੋਸ਼ੀ 'ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਘੁਟਾਲਿਆਂ ਤੇ ਚੋਰੀਆਂ ਨੂੰ ਰੋਕਣਾ ਹੈ ਤਾਂ ਘਪਲਾ ਕਰਨ ਵਾਲਿਆਂ ਨੂੰ ਸਜ਼ਾ ਦਿਵਾ ਕੇ ਘਰ ਭੇਜਣਾ ਬਹੁਤ ਜ਼ਰੂਰੀ ਹੈ ਤੇ ਉਨ੍ਹਾਂ ਨੂੰ ਕਾਨੂੰਨ ਦੀ ਕਚਹਿਰੀ ਵਿੱਚ ਖੜ੍ਹਾ ਕਰਨਾ ਚਾਹੀਦਾ ਹੈ।
ਬੈਂਸ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਚਾਹੀਦਾ ਹੈ ਕਿ ਇਸ ਮਾਮਲੇ ਵਿੱਚ ਅਸਲੀ ਪੱਖ ਸਾਹਮਣੇ ਲਿਆਂਦਾ ਜਾਵੇ ਤਾਂ ਜੋ ਸਿੱਖਾਂ ਦਾ ਸਿਰ ਦੁਨੀਆਂ ਵਿੱਚ ਹਮੇਸ਼ਾ ਦੀ ਤਰ੍ਹਾਂ ਉੱਚਾ ਰਹੇ।