ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 9 ਨਵੰਬਰ ਵਾਲੇ ਦਿਨ ਹੋਣ ਜਾ ਰਿਹਾ ਹੈ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਪ੍ਰਧਾਨਗੀ ਦੀ ਚੋਣ ਨੂੰ ਲੈ ਕੇ ਪਹਿਲਾਂ ਹੀ ਕਾਫੀ ਉੱਥਲ ਪੁੱਥਲ ਮਚੀ ਹੋਈ ਹੈ। ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਉੱਥੇ ਹੀ ਦੂਜੇ ਪਾਸੇ ਕਮੇਟੀ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਈਮਾਨ ਸਿੰਘ ਮਾਨ ਨੇ ਸਵਾਲ ਚੁੱਕੇ ਹਨ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਈਮਾਨ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਵਿੱਚ ਇੱਕ ਪ੍ਰੈੱਸ ਵਾਰਤਾ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੋ ਬੀਬੀ ਜਗੀਰ ਕੌਰ ਅਤੇ ਧਾਮੀ ਦੇ ਵਿੱਚ ਪ੍ਰਧਾਨਗੀ ਨੂੰ ਲੈ ਕੇ ਚੱਲ ਰਿਹਾ ਹੈ ਉਹ ਸਿਰਫ਼ ਹੀ ਸਿਰਫ਼ ਕੇਂਦਰ ਦੀਆਂ ਏਜੰਸੀਆਂ ਕਰਕੇ ਹੀ ਚੱਲ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਕੋਈ ਲੈਣਾ ਦੇਣਾ ਨਹੀਂ ਹੈ ਕਿ ਬੀਬੀ ਜਾਗੀਰ ਕੌਰ ਜਾਂ ਹਰਜਿੰਦਰ ਸਿੰਘ ਧਾਮੀ ਵਿਚੋਂ ਕੌਣ ਪ੍ਰਧਾਨ ਬਣਦਾ ਹੈ ਕਿਉਂਕਿ ਜਮਹੂਰੀਅਤ ਦੇ ਹਿਸਾਬ ਨਾਲ 11 ਸਾਲ ਹੋ ਚੁੱਕੇ ਹਨ ਸ਼੍ਰੋਮਣੀ ਕਮੇਟੀ ਦੀ ਚੋਣ ਨਹੀਂ ਹੋ ਸਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਹਰ ਸਾਲ ਜਦੋਂ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਹੁੰਦੀ ਹੈ ਤਾਂ ਉਹ ਪ੍ਰਦਰਸ਼ਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਉਹ ਤੇਜਾ ਸਿੰਘ ਸਮੁੰਦਰੀ ਹਾਲ ਦੇ ਨਜ਼ਦੀਕ ਜ਼ਰੂਰ ਪ੍ਰਦਰਸ਼ਨ ਕਰਨਗੇ।
ਈਮਾਨ ਸਿੰਘ ਮਾਨ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਸਿਰਫ ਸਿਰਫ਼ ਆਪਣੇ ਆਕਾਵਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਕੀਤੀ ਜਾ ਰਹੀ ਹੈ ਬਾਕੀ ਹੋਰ ਕੁਝ ਵੀ ਨਹੀਂ ਹੈ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਜੋ ਬੀਬੀ ਜਗੀਰ ਕੌਰ ਵੱਲੋਂ ਕਿਹਾ ਗਿਆ ਹੈ ਕਿ ਲਿਫਾਫਾ ਕਲਚਰ ਹਮੇਸ਼ਾਂ ਹੀ ਹਾਵੀ ਰਿਹਾ ਹੈ ਤਾਂ ਉਨ੍ਹਾਂ ਨੇ ਦੱਸ ਸਾਲ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੌਰ ਤੇ ਰਹੇ ਹਨ ਅਤੇ ਕੀ ਉਹ ਵੀ ਉਸ ਸਮੇਂ ਲਿਫ਼ਾਫ਼ੇ ਚੋਂ ਨਿਕਲੇ ਸਨ।
ਈਮਾਨ ਸਿੰਘ ਮਾਨ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸਹੀ ਢੰਗ ਨਾਲ ਚੋਣਾਂ ਕਰਵਾ ਕੇ ਹੀ ਸਹੀ ਪ੍ਰਧਾਨਗੀ ਦੀ ਚੋਣ ਕਰਨੀ ਚਾਹੀਦੀ ਹੈ ਤਾਂ ਜੋ ਪੰਜਾਬ ਦੇ ਲੋਕਾਂ ਦੀ ਆਵਾਜ਼ ਚੁੱਕੀ ਜਾ ਸਕੇ। ਉੱਥੇ ਹੀ ਉਨ੍ਹਾਂ ਨੇ ਸਰਬੱਤ ਖਾਲਸਾ ’ਤੇ ਬੋਲਦੇ ਹੋਏ ਕਿਹਾ ਕਿ ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਜਥੇਦਾਰ ਜਾਂ ਅਧਿਕਾਰੀ ਇਸ ਕਰਕੇ ਜ਼ਿਆਦਾ ਅੱਗੇ ਨਹੀਂ ਆ ਸਕੇ ਕਿਉਂਕਿ ਹਮੇਸ਼ਾ ਹੀ ਸਿੱਖਾਂ ਨੂੰ ਦਬਾਉਣ ਦੀ ਕੋਸ਼ਿਸ਼ ਪੰਜਾਬ ਅਤੇ ਕੇਂਦਰ ਸਰਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੇ ਵੱਲੋਂ ਕਈ ਵਾਰ ਜਾਣਬੁੱਝ ਕੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਦਬਾਇਆ ਜਾ ਸਕੇ।
ਇਹ ਵੀ ਪੜੋ: ਸਿੱਧੂ ਦੀ ਲੁਧਿਆਣਾ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਹੋਈ ਪੇਸ਼ੀ