ਅੰਮ੍ਰਿਤਸਰ: ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਸੁਧਾਰ ਕਾਨੂੰਨ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਲਗਾਤਾਰ ਅਣਮਿੱਥੇ ਸਮੇਂ ਲਈ ਰੇਲਵੇ ਲਾਈਨਾਂ 'ਤੇ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਪੁਤਲੇ ਫੂਕੇ ਜਾ ਰਹੇ ਹਨ।
ਸ਼ਨੀਵਾਰ ਨੂੰ ਸ਼ਹਿਰ ਦੇ ਦੇਵੀਦਾਸਪੁਰਾ ਰੇਲਵੇ ਲਾਈਨਾਂ 'ਤੇ ਲਗਾਤਾਰ 10ਵੇਂ ਦਿਨ ਧਰਨੇ ਦੌਰਾਨ ਸੰਘਰਸ਼ਸ਼ੀਲ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਪੁਤਲਾ ਫੂਕਿਆ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਖੇਤੀਬਾੜੀ ਆਰਡੀਨੈਂਸ ਲਈ ਕਿਸਾਨ 10 ਦਿਨਾਂ ਤੋਂ ਲਗਾਤਾਰ ਰੇਲਵੇ ਟਰੈਕ ‘ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ ਹੈ, ਪਰ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਰਹਿਣਗੇ।
ਕਿਸਾਨ ਆਗੂ ਨੇ ਕਿਹਾ ਕਿ ਸਿਆਸਤਦਾਨ ਕਿਸਾਨਾਂ ਦੇ ਮੁੱਦੇ 'ਤੇ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਲਗਾਤਾਰ ਰਾਜਨੀਤੀ ਕਰ ਰਹੇ ਹਨ। ਇਸ ਲਈ ਅੱਜ ਉਨ੍ਹਾਂ ਨੇ ਨਾਅਰੇਬਾਜ਼ੀ ਕਰਦਿਆਂ ਦੇਸ਼ ਦੇ ਰਾਸ਼ਟਰਪਤੀ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੇ ਆਉਣ ਵਾਲੇ ਦਿਨਾਂ ਵਿੱਚ ਮੰਗ ਪੂਰੀ ਨਾ ਕੀਤੀ ਗਈ ਤਾਂ ਕਿਸਾਨ ਜਥੇਬੰਦੀਆਂ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੀਆਂ।