ਅੰਮ੍ਰਿਤਸਰ: ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਪਿਛਲੇ ਲੰਮੇਂ ਸਮੇਂ ਤੋਂ ਪੰਜਾਬ ਵਿੱਚ ਵਾਰ-ਵਾਰ ਉੱਠਦਾ ਹੈ ਅਤੇ ਹੁਣ ਇਸ ਮੁੱਦੇ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਅੰਮ੍ਰਿਤਸਰ ਵਿੱਚ ਹੋਈ। ਇਸ ਮੀਟਿੰਗ ਵਿੱਚ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ (All India Sikh Student Federation) ਤੋਂ ਇਲਾਵਾ ਹੋਰ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ।
ਰਾਸ਼ਟਰਪਤੀ ਨੂੰ ਮੰਗ ਪੱਤਰ: ਐੱਸਜੀਪੀਸੀ ਪ੍ਰਧਾਨ ਨੇ ਮੀਡੀਆ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਹੁਕਮ ਮੁਤਬਿਕ ਬੰਦੀ ਸਿੰਘਾਂ ਦੀ ਰਿਹਾਈ ਲਈ ਹੁਣ ਵੱਡੇ ਪੱਧਰ ਉੱਤੇ ਮੁਹਿੰਮ ਆਰੰਭੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ 20 ਦਸੰਬਰ ਨੂੰ ਦਿੱਲੀ ਦੇ ਇਤਿਹਾਸਕ ਗੁਰੂਘਰ ਸ੍ਰੀ ਰਕਾਬਗੰਜ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ,ਆਲ ਇੰਡੀਆ ਸਿੱਖ ਫੈਡਰੇਸ਼ਨ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਆਗੂ ਵੱਡੀ ਗਿਣਤੀ ਵਿੱਚ ਪਹੁੰਚਣਗੇ। ਇਸ ਤੋਂ ਬਾਅਦ ਸਾਰੀ ਸੰਗਤ ਨੂੰ ਨਾਲ ਲੈਕੇ ਸਿੱਖ ਆਗੂ ਬੰਦੀ ਸਿੰਘਾਂ ਦੀ ਰਿਹਾਈ ਲਈ ਹਸਤਾਖਰ ਕਰਵਾ ਕੇ ਚਲਾਈ ਗਈ ਮੁਹਿੰਮ ਤਹਿਤ ਭਰਵਾਏ ਗਏ 26 ਲੱਖ ਫਾਰਮ ਲੈਕੇ ਰਾਸ਼ਟਰਪਤੀ ਕੋਲ ਜਾਣਗੇ।
ਸ਼ਾਂਤਮਈ ਤਰੀਕੇ ਦਿੱਤੇ ਜਾਵੇਗਾ ਮੰਗ ਪੱਤਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਾਫ ਸ਼ਬਦਾਂ ਵਿੱਚ ਕਿਹਾ ਕਿ ਸਾਰੀ ਸਿੱਖ ਸੰਗਤ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸ਼ਂਤਮਈ ਤਰੀਕੇ ਰਾਸ਼ਟਰਪਤੀ ਵੱਲ ਵਧੇਗੀ ਅਤੇ ਇਸ ਦੌਰਾਨ ਕਿਸੇ ਕਿਸਮ ਦਾ ਕੋਈ ਹੱਲਾ ਜਾਂ ਜੈਕਾਰੇ ਨਹੀਂ ਛੱਡੇ ਜਾਣਗੇ। ਉਨ੍ਹਾਂ ਆਖਿਆ ਕਿ ਸਿੱਖ ਮਰਿਆਦਾ ਤਹਿਤ ਹੀ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਸਿੱਖ ਸੰਗਤ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਗੇ ਵਧੇਗੀ।
ਵੱਡੀ ਗਿਣਤੀ ਵਿੱਚ ਪਹੁੰਚੇਗੀ ਸੰਗਤ: ਇਸ ਮੌਕੇ ਐੱਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਅਤੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਉਹ ਆਪਣੇ ਸਾਥੀਆਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਰਕਾਬਗੰਜ ਸਾਹਿਬ ਪਹੁੰਚਣਗੇ। ਪਿਛਲੇ ਦਿਨੀ ਹੋਰ ਵੀ ਸਿੱਖ ਜਥੇਬੰਦੀਆਂ ਦੇ ਨਾਲ ਇੱਕ ਮੀਟਿੰਗ ਕੀਤੀ ਗਈ ਸੀ, ਉਹਨਾਂ ਨੇ ਵੀ ਯਕੀਨ ਦਵਾਇਆ ਕਿ ਉਹ ਆਪਣੇ ਹਲਕਿਆਂ ਵਿੱਚੋਂ ਵੱਧ ਤੋਂ ਵੱਧ ਜਥੇਬੰਦੀਆਂ ਲੈ ਕੇ ਪੁੱਜਣਗੇ। ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਨੂੰ ਸੰਗਤ ਲਈ ਲੰਗਰ ਦਾ ਪ੍ਰਬੰਧ ਕਰਨ ਲਈ ਚਿੱਠੀ ਲਿਖ ਦਿੱਤੀ ਗਈ ਹੈ।