ਅੰਮ੍ਰਿਤਸਰ: ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਬਿੱਟੂ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 15 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਦਲ ਖਾਲਸਾ ਤੇ ਯੂਨਾਈਟਿਡ ਅਕਾਲੀ ਦਲ ਵੱਲੋਂ ਸਾਂਝੇ ਤੌਰ 'ਤੇ ਰੋਸ਼ ਮੁਜਾਹਰੇ ਕੀਤੇ ਜਾਣਗੇ ਤੇ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਨ ਦੇ ਰੂਪ ਵਿੱਚ ਮਨਾਇਆ ਜਾਵੇਗਾ। ਇਸ ਦੌਰਾਨ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਉਨ੍ਹਾਂ ਵੱਲੋਂ 15 ਅਗਸਤ ਨੂੰ ਆਜ਼ਾਦੀ ਦਿਵਸ ਸਮਾਗਮਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ। ਸਾਂਝੇ ਪੱਤਰਕਾਰ ਸੰਮੇਲਨ ਦੌਰਾਨ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਅਤੇ ਅਕਾਲੀ ਦਲ (ਅੰਮ੍ਰਿਤਸਰ) ਦੇ ਮਹਿੰਦਰਪਾਲ ਸਿੰਘ ਤੇ ਨੇ ਦੱਸਿਆ ਕਿ ਇਸ ਦਿਨ ਪੰਜਾਬ ਭਰ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਥੇਬੰਦੀਆਂ ਵੱਲੋਂ ਸਰਕਾਰ ਵਿਰੋਧੀ ਵਿਖਾਵੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਯੂਏਪੀਏ ਕਾਨੂੰਨ ਦੀ ਆੜ ਵਿੱਚ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਥੇਬੰਦੀਆਂ ਤਿੰਨ ਖੇਤੀ ਬਿੱਲਾਂ ਦਾ ਵੀ ਸਖ਼ਤ ਵਿਰੋਧ ਕਰਦੀਆਂ ਹਨ। ਇਸ ਤੌ ਇਲਾਵਾ ਰਾਜਨੀਤਿਕ ਕੈਦੀਆਂ ਨੂੰ ਉਮਰ ਕੈਦ ਭੁਗਤਣ ਤੋਂ ਬਾਅਦ ਵੀ ਜੇਲ੍ਹਾਂ ਚੋਂ ਬਾਹਰ ਨਹੀਂ ਕੱਢਿਆ ਜਾ ਰਿਹਾ ਇਸ ਮੁੱਦੇ 'ਤੇ ਵੀ ਤਿੰਨੇ ਪਾਰਟੀਆਂ ਮਿਲ ਕੇ ਕਾਲੇ ਝੰਡੇ ਫੜ ਰੋਸ਼ ਜ਼ਾਹਿਰ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਗੁਰਦੁਆਰਾ ਕਰਤਾਰਪੁਰ ਲਾਂਘੇ ਨੂੰ ਮੁੜ ਖੋਲਣ ਤੋਂ ਇਨਕਾਰ ਕਰਨ ਅਤੇ ਸਾਕਾ ਨੀਲਾ ਤਾਰਾ ਫੌਜੀ ਹਮਲੇ ਤੇ ਦਿੱਲੀ ਸਿੱਖ ਕਤਲੇਆਮ ਦੇ ਹੁਣ ਤਕ ਨਿਆਂ ਨਾ ਮਿਲਣ ਦੇ ਸਿੱਟੇ ਵਜੋਂ ਆਜ਼ਾਦੀ ਦਿਵਸ ਸਮਾਗਮਾਂ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਰਾਏਸ਼ੁਮਾਰੀ 2020 ਦੇ ਨਾਂ ਹੇਠ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।