ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨਾਂ ਤੇ ਵੈਸਾਖੀ ਮਨਾਉਣ ਲਈ 839 ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਰਵਾਨਾ ਹੋਵੇਗਾ।
ਦੱਸ ਦਈਏ, ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਇਲਾਵਾ ਪਾਕਿਸਤਾਨ ਵਿਚਲੇ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ। ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ।
ਇਸ ਸਬੰਧੀ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵਿਖੇ 872 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲੱਗਣ ਲਈ ਭੇਜੇ ਗਏ ਸਨ, ਜਿਨ੍ਹਾਂ 'ਚੋਂ 33 ਸ਼ਰਧਾਲੂਆਂ ਨੂੰ ਦੂਤਾਵਾਸ ਵੱਲੋਂ ਵੀਜ਼ੇ ਨਹੀਂ ਦਿੱਤੇ ਗਏ।
ਇਹ ਜਥਾ 12 ਅਪ੍ਰੈਲ ਨੂੰ ਅੰਮ੍ਰਿਤਸਰ ਤੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਪੁੱਜੇਗਾ ਤੇ 14 ਅਪ੍ਰੈਲ ਨੂੰ ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਮੌਕੇ ਹੋਣ ਵਾਲੇ ਸਮਾਗਮ ਵਿਚ ਸ਼ਰਧਾਲੂ ਸ਼ਿਰਕਤ ਕਰਨਗੇ। 15 ਅਪ੍ਰੈਲ ਨੂੰ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਸ੍ਰੀ ਨਨਕਾਣਾ ਸਾਹਿਬ ਜਾਵੇਗਾ, ਜਿਥੋਂ 17 ਅਪ੍ਰੈਲ ਨੂੰ ਗੁਰਦੁਆਰਾ ਸੱਚਾ ਸੌਦਾ (ਸ਼ੇਖੂਪੁਰਾ) ਦੇ ਦਰਸ਼ਨ ਕਰਨ ਮਗਰੋਂ ਫਿਰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪਰਤ ਆਵੇਗਾ। 18 ਅਪ੍ਰੈਲ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਅਤੇ 19 ਅਪ੍ਰੈਲ ਨੂੰ ਗੁਰਦੁਆਰਾ ਰੋੜੀ ਸਾਹਿਬ ਐਮਨਾਬਾਦ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰੇਗਾ। ਉਨ੍ਹਾਂ ਦੱਸਿਆ ਕਿ ਇਹ ਜਥਾ 21 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ।