ਅੰਮ੍ਰਿਤਸਰ: ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਜਥੇਦਾਰ ਧਿਆਨ ਸਿੰਘ ਮੰਡ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿੱਚ ਗੁਰਮਤਾ ਸੋਧਿਆ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਰਾਮ ਮੰਦਰ ਦੀ ਉਸਾਰੀ ਲਈ ਨੀਂਹ ਮੌਕੇ ਸਿੱਖ ਕੌਮ ਨੂੰ ਲਵ ਕੁਸ਼ ਦੀ ਔਲਾਦ ਦੱਸ ਕੇ ਗੁਰੂ ਸਾਹਿਬਾਨਾਂ ਅਤੇ ਸਿੱਖ ਕੌਮ ਦਾ ਨਿਰਾਦਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਸਾਡੇ ਲਈ ਸਾਰੀਆਂ ਕੌਮਾਂ ਬਰਾਬਰ ਹਨ, ਸਾਡੇ ਲਈ ਕਿਸੇ ਦਾ ਮੰਦਰ ਤੇ ਮਸਜਿਦ ਰੱਬ ਦਾ ਘਰ ਹੈ। ਗੁਰੂ ਪੰਥ ਕਿਸੇ ਦੂਜੇ ਦੇ ਸਮਝੌਤੇ ਵਿੱਚ ਤਾਂ ਬੈਠ ਸਕਦਾ ਹੈ ਪਰ ਧਿਰ ਨਹੀਂ ਬਣ ਸਕਦਾ। ਇਸ ਕਰਕੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਗਿਆਨੀ ਇਕਬਾਲ ਸਿੰਘ ਨੂੰ ਆਦੇਸ਼ ਦਿੱਤਾ ਜਾਂਦਾ ਹੈ ਕਿ 20 ਅਗਸਤ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਸਪੱਸ਼ਟ ਕਰਨ।
ਜਥੇਦਾਰ ਧਿਆਨ ਸਿੰਘ ਮੰਡ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਗੋਬਿੰਦ ਸਿੰਘ ਵੱਲੋਂ ਰਮਾਇਣ ਲਿਖੇ ਜਾਣ ਦਾ ਬਿਆਨ ਦੇ ਕੇ ਗੁਰੂ ਸਾਹਿਬ ਅਤੇ ਸਿੱਖਾਂ ਦਾ ਅਪਮਾਨ ਕੀਤਾ ਹੈ। ਇਸ ਬਿਆਨ ਨਾਲ ਕੌਮ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ, ਇਸ ਲਈ ਪ੍ਰਧਾਨ ਮੰਤਰੀ ਵਰਗੇ ਅਹੁਦੇ 'ਤੇ ਬੈਠ ਕੇ ਕਿਸੇ ਗੈਰ ਸਿੱਖ ਵਿਅਕਤੀ ਨੂੰ ਕੋਈ ਹੱਕ ਨਹੀਂ ਕਿ ਉਹ ਸਿੱਖਾਂ ਦੇ ਅੰਦਰੂਨੀ ਮਸਲਿਆਂ ਵਿੱਚ ਦਖ਼ਲਅੰਦਾਜ਼ੀ ਕਰੇ।
ਇਸ ਵਾਸਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਗੁਰਮਤਿ ਦੀ ਰੌਸ਼ਨੀ ਵਿੱਚ ਨਰਿੰਦਰ ਮੋਦੀ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ 15 ਦਿਨਾਂ ਵਿੱਚ ਆਪਣਾ ਬਿਆਨ ਵਾਪਸ ਲੈਣ ਤੇ ਸਿੱਖ ਕੌਮ ਤੋਂ ਮੁਆਫੀ ਮੰਗਣ ਨਹੀਂ ਤਾਂ ਸਿੰਘ ਸਾਹਿਬਾਨਾਂ ਵੱਲੋਂ ਦੁਬਾਰਾ ਗੁਰਮਤਾ ਕਰਕੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਜਾਵੇਗੀ। ਇਸ ਅਪੀਲ ਵਿੱਚ ਇਹ ਹੋਵੇਗਾ ਕਿ ਉਹ ਭਾਰਤੀ ਸੰਵਿਧਾਨ ਅਤੇ ਕਾਨੂੰਨ ਮੁਤਾਬਕ ਨਰਿੰਦਰ ਮੋਦੀ ਖਿਲਾਫ਼ ਧਾਰਾ 295ਵੇਂ ਤਹਿਤ ਵੱਖ-ਵੱਖ ਥਾਵਾਂ 'ਤੇ ਮੁਕੱਦਮੇ ਦਰਜ ਕਰਵਾਉਣ।
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨਰਿੰਦਰ ਮੋਦੀ ਅਤੇ ਗਿਆਨੀ ਇਕਬਾਲ ਸਿੰਘ ਦੇ ਬਿਆਨਾਂ ਉੱਪਰ ਕੋਈ ਪ੍ਰਤੀਕਿਰਿਆ ਜ਼ਾਹਰ ਨਹੀਂ ਕੀਤੀ।