ਅੰਮ੍ਰਿਤਸਰ: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਜਿੱਥੇ ਸੁੰਦਰ ਜਲੌਅ ਸਜਾਏ ਗਏ, ਉੱਥੇ ਹੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ ਗਏ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ਉੱਤੇ ਪਹੁੰਚੇ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੱਚੇ ਪਾਤਸ਼ਾਹ ਜੀ ਦੇ ਗੁਰਤਾ ਗੱਦੀ ਦਿਵਸ ਦੀਆਂ ਸਾਰੀ ਹੀ ਸੰਗਤ ਨੂੰ ਵਧਾਈਆਂ ਅਤੇ ਗੁਰੂ ਸਾਹਿਬ ਸਭ ਪਾਸੇ ਛੇਤੀ ਤੋਂ ਛੇਤੀ ਫਿਰ ਉਹ ਰੌਣਕਾਂ ਲਿਆਉਣ।
ਉਨ੍ਹਾਂ ਕਿਹਾ ਕਿ ਉਹ ਸੱਚੇ ਪਾਤਸ਼ਾਹ ਅੱਗੇ ਅਰਦਾਸ ਕਰਦੇ ਹਨ ਕਿ ਕੋਰੋਨਾ ਪੀੜਤ ਜਲਦੀ-ਜਲਦੀ ਠੀਕ ਹੋ ਕੇ ਘਰਾਂ ਨੂੰ ਪਰਤਣ। ਕੋਰੋਨਾ ਪੀੜਤਾਂ ਦੇ ਹਸਪਤਾਲਾਂ ਤੋਂ ਘਰਾਂ ਨੂੰ ਪਰਤਣ ਦੇ ਸਵਾਲ ਦੇ ਜਵਾਬ ਵਿੱਚ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਦੇ ਚੰਗੇ ਕੰਮਾਂ ਦੀ ਤਰੀਫ ਵੀ ਕਰਨੀ ਚਾਹੀਦੀ ਹੈ।
ਇਸ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਨਾ, ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਆਦਿ ਨੇ ਵੀ ਸਮੂਲੀਅਤ ਕੀਤੀ।