ਅੰਮ੍ਰਿਤਸਰ: ਪੰਜਾਬ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਸਿਰਸਾ ਨੇ ਨਾਮਧਾਰੀ ਕੂਕਿਆਂ ਵਲੋਂ ਆਪਣੀਆਂ ਕਿਤਾਬਾਂ ਵਿੱਚ ਗੁਰਬਾਣੀ ਦੀਆਂ ਤੁੱਕਾਂ ਨਾਲ ਛੇੜਛਾੜ ਕਰਨ ਵਿਰੁੱਧ ਸ਼ਿਕਾਇਤ ਕਰਦਿਆਂ ਮੰਗ ਪੱਤਰ ਦਿੱਤਾ ਸੀ। ਇਸ ਮੰਗ ਪੱਤਰ ਉੱਤੇ ਕੋਈ ਕਾਰਵਾਈ ਨਾ ਹੋਣ ਕਾਰਨ ਭਾਈ ਬਲਦੇਵ ਸਿੰਘ ਸਿਰਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਮੁੱਖ ਸਕੱਤਰ ਨੂੰ ਤਲਬ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਵਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ ਹੈ, ਕਿਉਂਕਿ ਸ਼੍ਰੋਮਣੀ ਕਮੇਟੀ ਵੱਲੋਂ ਨਾਮਧਾਰੀ ਕੂਕਿਆਂ ਦੇ ਮਾਮਲੇ ਵਿੱਚ ਕਾਰਵਾਈ ਅਮਲ ਨਹੀਂ ਲਿਆਂਦੀ ਗਈ।
ਭਾਈ ਸਿਰਸਾ ਨੇ ਕਿਹਾ ਕਿ ਪਿਛਲੇ ਸਮੇਂ ਨਾਮਧਾਰੀ ਕੂਕਿਆਂ ਨੇ ਆਪਣੀਆਂ ਕਿਤਾਬਾਂ ਵਿੱਚ ਛਾਪਿਆ ਸੀ ਕਿ ਗੁਰੂ ਗੋਬਿਦ ਸਿੰਘ ਜੀ ਸੰਸਾਰ ਵਿੱਚ "ਅਜਾਪਾਲ" ਦੇ ਤੌਰ 'ਤੇ ਆਏ ਤੇ ਗੁਰੂ ਗੋਬਿੰਦ ਸਿੰਘ ਨੇ ਸਾਡੇ ਗੱਦੀ ਨਸ਼ੀਨ ਨੂੰ ਹੀ ਗੁਰੂ ਦੀ ਗੁਰਤਾਗੱਦੀ ਦਿੱਤੀ। ਨਾਮਧਾਰੀਆਂ ਦਾ ਇਹ ਕਹਿਣਾ ਹੈ ਕਿ ਗੁਰੂ ਗ੍ਰੰਥ ਸਾਹਿਬ ਗੁਰੂ ਨਹੀਂ ਹਨ ਤੇ ਦੇਹ ਧਾਰੀ ਹੀ ਗੁਰੂ ਹੁੰਦਾ ਹੈ ਜਿਸ ਦੀ ਪੁਸ਼ਟੀ ਗੁਰੂ ਗ੍ਰੰਥ ਸਾਹਿਬ 'ਚ ਵੀ ਕੀਤੀ ਗਈ ਹੈ। ਕੂਕਿਆਂ ਦੇ ਇਸ ਕੁਫ਼ਰ ਦੇ ਵਿਰੁਦ ਜਥੇਦਾਰ ਸਾਹਿਬ ਨੇ ਹੁਕਮਨਾਮਾ ਵੀ ਜਾਰੀ ਕੀਤਾ ਪਰ ਸ਼੍ਰੋਮਣੀ ਕਮੇਟੀ ਨੇ ਕੋਈ ਕਾਰਵਾਈ ਅਮਲ 'ਚ ਨਹੀਂ ਲਿਆਂਦੀ।
ਸ਼੍ਰੋਮਣੀ ਕਮੇਟੀ ਵੱਲੋਂ ਕਾਰਵਾਈ ਅਮਲ ਨਾ ਲਿਆਉਣ ਬਾਰੇ ਜਦੋਂ ਭਾਈ ਸਿਰਸਾ ਨੂੰ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਦੀ ਜੇਬ ਵਿੱਚੋਂ ਨਿਕਲਦਾ ਹੈ। ਪ੍ਰਕਾਸ਼ ਸਿੰਘ ਬਾਦਲ ਉਹ ਸ਼ਖਸ ਹੈ ਜੋ ਨਾਮਧਾਰੀਆਂ ਨੂੰ ਸਤਿਗੁਰੂ ਆਖਦਾ ਹੈ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਹੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਸਤਿਗੁਰੂ ਰਾਮ ਸਿੰਘ ਦੇ ਨਾਮ 'ਤੇ ਦੀ ਕੁਰਸੀ ਲਗਵਾਈ।
ਇਹ ਵੀ ਪੜ੍ਹੋ: ਕੋਰੋਨਾ ਵਾਇਰਸ : ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਆਉਣ ਵਾਲੇ ਲੋਕਾਂ ਦੀ ਹੋ ਰਹੀ ਹੈ ਜਾਂਚ