ਅੰਮ੍ਰਿਤਸਰ: ਗੋਲਕ ਦੀ ਲੜਾਈ ਦਾ ਮਾਮਲਾ ਕਾਫ਼ੀ ਗਰਮਾਉਂਦਾ ਨਜ਼ਰ ਆ ਰਿਹਾ ਹੈ। ਇਸੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਕ ਪ੍ਰੈਸ ਨੋਟ ਜਾਰੀ ਕੀਤਾ ਗਿਆ। ਇਸ ਪ੍ਰੈਸ ਨੋਟ ਜਰੀਏ ਉਨ੍ਹਾਂ ਕਿਹਾ ਕਿ ਹਰਿਆਣਾ ਵਿਖੇ ਗੁਰਦੁਆਰਾ ਸਾਹਿਬ ਅੰਦਰ ਜੁੱਤੀਆਂ ਸਮੇਤ ਪੁਲਿਸ ਵੱਲੋਂ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਜਥੇਦਾਰ ਸਾਹਿਬ ਨੇ ਕਿਹਾ ਕਿ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਗੁਰਦੁਆਰਾ ਸਾਹਿਬ ਵਿਖੇ ਹਰਿਆਣਾ ਕਮੇਟੀ ਅਤੇ ਪੁਲਸ ਵੱਲੋਂ ਜਬਰਨ ਕਬਜ਼ਾ ਲੈਣ ਦੀ ਬਹੁਤ ਹੀ ਮੰਦਭਾਗੀ ਅਤੇ ਸ਼ਰਮਸਾਰ ਕਰਨ ਵਾਲੀ ਘਟਨਾ ਵਾਪਰੀ ਹੈ।
ਐਕਟ 1925: ਗਿਆਨੀ ਹਰਪ੍ਰੀਤ ਸਿੰਘ ਨੇ ਸਾਫ਼ ਆਖਿਆ ਕਿ ਜੇਕਰ ਹਰਿਆਣਾ ਕਮੇਟੀ ਜੋ ਕਿ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਵੱਖ ਹੋ ਚੁੱਕੀ ਹੈ, ਇਸ ਢੰਗ ਨਾਲ ਹੀ ਗੁਰਦੁਆਰਾ ਸਾਹਿਬਾਨ ਉੱਤੇ ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਪਹਿਲਾਂ ਪਾਰਲੀਮੈਂਟ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 1925 ਨੂੰ ਡੀਨੋਟੀਫਾਈ ਕਰਾ ਲਿਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਬਜ਼ੇ ਦੀ ਨੀਅਤ ਨਾਲ ਪੁਿਲਸ ਫੋਰਸ ਵੱਲੋਂ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਵਿੱਚ ਜਾਣ ਦੀ ਜਥੇਦਾਰ ਵੱਲੋਂ ਸਖਤ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅਜਿਹੀਆਂ ਤਰ੍ਹਾਂ ਦੀਆਂ ਹਰਕਤਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ।
ਨਨਕਾਣਾ ਸਾਹਿਬ ਅਤੇ ਜੈਤੋ ਦਾ ਮੋਰਚਾ : ਜਥੇਦਾਰ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਅਤੇ ਜੈਤੋ ਦਾ ਮੋਰਚਾ ਇਸ ਲਈ ਲਗਾਉਣੇ ਪਏ ਸਨ ਕਿ ਉਸ ਵੇਲੇ ਦੀ ਸਰਕਾਰ ਨੇ ਸਿੱਖ ਰਹਿਤ ਮਰਿਆਦਾ ਦੇ ਵਿੱਚ ਦਖਲ-ਅੰਦਾਜ਼ੀ ਕੀਤੀ ਸੀ ਜਿਸ ਤੋਂ ਬਾਅਦ ਨਨਕਾਣਾ ਸਾਹਿਬ ਵਰਗੇ ਸਾਕਿਆਂ ਵਿਚ ਸਿੱਖਾਂ ਨੂੰ ਸ਼ਹੀਦੀਆਂ ਦੇਣੀਆਂ ਪਈਆਂ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਧੱਕੇ ਨਾਲ ਹਰਿਆਣਾ ਦੇ ਗੁਰਦੁਆਰਾ ਸਾਹਿਬ ਉੱਤੇ ਕਬਜ਼ਾ ਕਰਨਾ ਬਹੁਤ ਘਾਤਕ ਸਾਬਤ ਹੋ ਸਕਦਾ ਹੈ। ਜੇਕਰ ਹਰਿਆਣਾ ਸਰਕਾਰ ਨੇ ਇਸੇ ਤਰ੍ਹਾਂ ਦਾ ਪ੍ਰਬੰਧ ਵੀ ਆਪਣੇ ਹੱਥ ਵਿੱਚ ਲੈਣਾ ਹੈ ਤਾਂ ਇਸ ਲਈ ਉਸ ਨੂੰ ਬੈਠ ਕੇ ਗੱਲਬਾਤ ਰਾਹੀਂ ਅਜਿਹਾ ਕਰਨਾ ਚਾਹੀਦਾ ਹੈ ਨਾ ਕਿ ਗੁਰਦੁਆਰਾ ਸਾਹਿਬਾਨ ਵਿੱਚ ਧੱਕੇ ਨਾਲ ਗੁਰਦੁਆਰਾ ਸਾਹਿਬਾਨ ਦਾ ਕਬਜ਼ ਲੈਣ ਵਾਲੀ ਹਰਕਤ ਕਰਨੀ ਚਾਹੀਦੀ ਹੈ।
ਐੱਸ.ਜੀ.ਪੀ.ਸੀ ਦਾ ਬਿਆਨ: ਇਸੇ ਮਾਮਲੇ 'ਤੇ ਐੱਸ.ਜੀ.ਪੀ.ਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਤੀਕਿਿਰਆ ਵੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੋਲਕਾਂ ਲਈ ਲੜਾਈ ਨਹੀਂ ਲੜਦੀ, ਸਗੋਂ ਸਿੱਖ ਸਿਧਾਂਤਾਂ ਅਤੇ ਪ੍ਰੰਪਰਾਵਾਂ ਦੀ ਰਖਵਾਲੀ ਲਈ ਵਚਨਬੱਧ ਹੈ। ਦੂਸਰੇ ਪਾਸੇ ਹਰਿਆਣਾ ਸਰਕਾਰ ਵੱਲੋਂ ਬਣਾਈ ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਗੈਰ-ਕਾਨੂੰਨੀ ਤਰੀਕੇ ਨਾਲ ਅਤੇ ਸਿੱਖ ਰਵਾਇਤਾਂ ਦੇ ਵਿਰੁੱਧ ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ ਦੀਆਂ ਗੋਲਕਾਂ ਦੇ ਤਾਲੇ ਤੋੜ ਕੇ ਕਬਜ਼ੇ ਦੀ ਨੀਅਤ ਨਾਲ ਸਿੱਖ ਮਰਿਆਦਾ ਦਾ ਉਲੰਘਣ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਗੁਰਧਾਮਾਂ ਦੀ ਰਖਵਾਲੀ ਅਤੇ ਸਿੱਖ ਪ੍ਰੰਪਰਾਵਾਂ ਦੀ ਪਹਿਰੇਦਾਰੀ ਵਾਸਤੇ ਦਿੱਤੀਆਂ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ। ਸਦੀ ਪਹਿਲਾਂ ਅੰਗਰੇਜ਼ ਸਰਕਾਰ ਦੇ ਪਿੱਠੂ ਮਹੰਤਾਂ ਤੋਂ ਗੁਰੂ ਘਰ ਅਜ਼ਾਦ ਕਰਵਾਉਣ ਲਈ ਸਿੱਖਾਂ ਨੇ ਆਪਣੀਆਂ ਸ਼ਹਾਦਤਾਂ ਦਿੱਤੀਆਂ, ਪਰੰਤੂ ਦੁੱਖ ਦੀ ਗੱਲ ਹੈ ਕਿ ਅੱਜ ਸਰਕਾਰਾਂ ਦੀ ਸ਼ਹਿ ’ਤੇ ਗੁਰੂ ਘਰਾਂ ਦੇ ਪੰਥਕ ਪ੍ਰਬੰਧਾਂ ਦੀ ਥਾਂ ’ਤੇ ਸਰਕਾਰੀ ਅਧੀਨਗੀ ਵਾਲੇ ਪ੍ਰਬੰਧਾਂ ਨੂੰ ਪ੍ਰਵਾਨ ਕਰਨ ਲਈ ਕੁੱਝ ਲੋਕ ਕੋਝੇ ਹੱਥਕੰਡੇ ਅਪਣਾ ਰਹੇ ਹਨ। ਇਸੇ ਤਹਿਤ ਹੀ ਸਰਕਾਰ ਵੱਲੋਂ ਬਣਾਈ ਗਈ ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਗੁਰੂ ਘਰਾਂ ਦੇ ਪੰਥਕ ਪ੍ਰਬੰਧਾਂ ਨੂੰ ਸਰਕਾਰ ਦੀ ਦੇਖ-ਰੇਖ ਹੇਠ ਚਲਾਉਣ ਲਈ ਉਤਾਵਲੀ ਹੈ। ਐੱਸ.ਜੀ.ਪੀ.ਸੀ ਪ੍ਰਧਾਨ ਨੇ ਅਖਿਆ ਕਿ ਸ਼੍ਰੋਮਣੀ ਕਮੇਟੀ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਗੱਲਬਾਤ ਕੀਤੇ ਬਿਨਾਂ ਹੀ ਹਰਿਆਣਾ ਦੇ ਗੁਰੂ ਘਰਾਂ ਦੀਆਂ ਗੋਲਕਾਂ ਦੇ ਤਾਲੇ ਤੋੜ ਕੇ ਆਪਣੇ ਤਾਲੇ ਲਗਾਏ ਜਾ ਰਹੇ ਹਨ। ਇਹ ਸਰਕਾਰੀ ਧੱਕੇਸ਼ਾਹੀ ਹੈ। ਇਸ ਧੱਕੇਸ਼ਾਹੀ ਨੇ ਸਿੱਖ ਕੌਮ ਨੂੰ ਇਕ ਵਾਰ ਫਿਰ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ। ਹਰਜਿੰਦਰ ਸਿੰਘ ਧਾਮੀ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਪੰਥ ਵਿਰੋਧੀ ਤਾਕਤਾਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦੇਣ।
ਇਹ ਵੀ ਪੜ੍ਹੋ: Guru Nanak Jhira Sahib : ਗੁਰਦੁਆਰਾ ਗੁਰੂ ਨਾਨਕ ਝੀਰਾ ਸਾਹਿਬ ਦਾ ਇਤਿਹਾਸ, ਜਾਣੋ ਕਿਸ ਸੂਬੇ 'ਚ ਸੁਸ਼ੋਭਿਤ ਹੈ ਇਹ ਗੁਰੂ ਘਰ