ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਿਹਾੜੇ ਮੌਕੇ ਉਨ੍ਹਾਂ ਦੇ ਸਪੁੱਤਰ ਬਾਬਾ ਅਜੇ ਸਿੰਘ ਅਤੇ ਸਮੂਹ ਸ਼ਹੀਦ ਸਿੰਘਾਂ ਨੂੰ ਯਾਦ ਕਰਦਿਆਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ।
ਮੀਡੀਆ ਦੇ ਰੂਬਰੂ ਹੁੰਦਿਆਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਸੂਰਮਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਨੂੰ ਸਲਾਮ ਕੀਤਾ। ਭਾਈ ਮਨਜੀਤ ਸਿੰਘ ਨੇ ਉਨ੍ਹਾਂ ਦੀ ਬਹਾਦਰੀ ਸੰਬੰਧੀ ਕੁੱਝ ਗੱਲਾਂ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਸ਼ਹੀਦ ਕੌਮ ਲਈ ਬਾਬਾ ਬੰਦਾ ਸਿੰਘ ਬਹਾਦਰ ਨੇ ਤਸੀਹੇ ਝੱਲੇ ਪਰ ਉਹ ਆਪਣੇ ਰਾਹ ਤੋਂ ਨਾ ਡੋਲੇ। ਉਨ੍ਹਾਂ ਬਾਬਾ ਜੀ ਦੇ 4 ਸਾਲਾ ਪੁੱਤਰ ਅਤੇ ਕਈ ਹੋਰ ਸਿੰਘ ਬਹਾਦਰਾਂ ਨੂੰ ਵੀ ਯਾਦ ਕੀਤਾ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਹੀ ਜ਼ਮੀਨ 'ਤੇ ਕਾਸ਼ਤ ਕਰ ਰਹੇ ਲੋਕਾਂ ਨੂੰ ਜ਼ਮੀਨਾਂ ਦਾ ਹੱਕ ਦਿਵਾਇਆ ਗਿਆ ਸੀ। ਉਨ੍ਹਾਂ ਬਾਬਾ ਸਿੰਘ ਬਹਾਦਰ ਦੀ ਸ਼ਹੀਦੀ ਮੌਕੇ ਅਖੰਡ ਪਾਠ ਅਤੇ ਧਾਰਮਿਕ ਪ੍ਰੋਗਰਾਮ ਉਲੀਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ।
ਦੱਸਣਯੋਗ ਹੈ ਕਿ ਅੱਜ ਸਿੱਖ ਕੌਮ ਲਈ ਲੜਨ ਵਾਲੇ ਸ਼ਹੀਦ ਸੂਰਮੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਹੈ, ਅਤੇ ਇਨ੍ਹਾਂ ਨੂੰ ਯਾਦ ਕਰਦਿਆਂ ਜਿੱਥੇ ਕਈ ਆਗੂਆਂ ਨੇ ਟਵੀਟ ਕੀਤਾ ਹੈ ਉੱਥੇ ਹੀ ਸੂਬੇ ਦੀਆਂ ਵੱਖ-ਵੱਖ ਥਾਵਾਂ 'ਤੇ ਧਾਰਮਿਕ ਪ੍ਰੋਗਰਾਮ ਵੀ ਉਲੀਕੇ ਗਏ ਹਨ।