ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮਨਾਈ ਜਾ ਰਹੀ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ ਤੇ ਵੱਡੀ ਗਿਣਤੀ ਵਿੱਚ ਸੰਗਤ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦਰਬਾਰ ਸਾਹਿਬ ਪਹੁੰਚੀਆਂ ਹੋਈਆਂ ਹਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਵੀ ਦਿੱਤਾ ਤੇ ਸਿੱਖ ਕੌਮ ਨੂੰ ਇੱਕ ਜੁੱਟ ਹੋਣ ਦੀ ਅਪੀਲ ਕੀਤੀ।
ਖਾਲਿਸਤਾਨ ਦੇ ਲੱਗੇ ਨਾਅਰੇ: ਇਸ ਮੌਕੇ ਕੁਝ ਸਿੱਖ ਜਥੇਬੰਦੀਆਂ ਵੱਲੋਂ ਖਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ, ਜਿਸ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ। ਸਿੱਖ ਜਥੇਬੰਦੀਆਂ ਨੇ ਬੰਦੀ ਸਿੱਖਾਂ ਦੀ ਰਿਹਾਈ ਦੀ ਵੀ ਮੰਗ ਕੀਤੀ ਹੈ। ਨੌਜਵਾਨਾਂ ਨੇ ਹੱਥਾਂ ਵਿੱਚ ਜਰਨੈਲ ਸਿੰਘ ਭਿੰਡਰਾਵਾਲੇ ਦੀਆਂ ਤਸਵੀਰਾਂ ਵੀ ਫੜ੍ਹੀਆਂ ਹੋਈਆਂ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਪੀਲ: ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਸ੍ਰੀ ਦਰਬਾਰ ਸਾਹਿਬ ਪਹੁੰਚੇ ਹੋਏ ਹਨ, ਇਸ ਮੌਕੇ ਉਹਨਾਂ ਨੇ ਸਿੱਖ ਕੌਮ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਉਸ ਵੇਲੇ ਦੀ ਭਾਰਤ ਸਰਕਾਰ ਨੇ ਸਾਡੇ ਦਿਲਾਂ ਨੂੰ ਡੂੰਘੇ ਜ਼ਖਮ ਦਿੱਤੇ ਹਨ, ਉਹ ਭਰਨੇ ਔਖੇ ਹਨ। ਉਹਨਾਂ ਨੇ ਕਿਹਾ ਕਿ ਸਰਕਾਰ ਚਾਉਂਦੀ ਹੈ ਸਿੱਖ 84 ਭੁੱਲ ਜਾਣ, ਪਰ ਅਜਿਹਾ ਨਹੀਂ ਹੋ ਸਕਦਾ। ਜਥੇਦਾਰ ਨੇ ਕਿਹਾ ਕਿ ਸਰਕਾਰਾਂ ਤੋਂ ਸਾਨੂੰ ਕੋਈ ਉਮੀਦ ਨਹੀਂ ਹੈ, ਇਸ ਲਈ ਸਾਨੂੰ ਆਪ ਨੂੰ ਮਜ਼ਬੂਤ ਹੋਣ ਦੀ ਲੋੜ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਸਿੱਖ ਸ਼ਕਤੀ ਨੂੰ ਇਕੱਠਾ ਕਰਨ ਦੀ ਲੋੜ ਹੈ। ਉਹਨਾਂ ਨੇ ਕਿਹਾ ਕਿ ਸਾਨੂੰ ਮਤਭੇਦ ਤੋਂ ਉਪਰ ਉੱਠ ਇੱਕ ਮੰਚ ਉੱਤੇ ਇੱਕਠਾ ਹੋਣਾ ਚਾਹੀਦਾ ਹੈ, ਕਿਉਂਕਿ ਸਾਡੀਆਂ ਕੁਝ ਸੰਸਥਾਵਾਂ ਸਰਕਾਰੀ ਹੱਥਾਂ ਵਿੱਚ ਚਲੀਆ ਗਈਆਂ ਹਨ, ਜਿਹਨਾਂ ਨੂੰ ਆਜ਼ਾਦ ਕਰਵਾਉਣਾ ਪਵੇਗਾ।
ਸੁਰੱਖਿਆ ਦੇ ਸਖ਼ਤ ਪ੍ਰਬੰਧ: ਵੱਡੀ ਗਿਣਤੀ ਵਿੱਚ ਗਰਮ ਖਿਆਲੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਹੋਏ ਹਨ, ਜਿਸ ਕਾਰਨ ਮਾਹੌਲ ਨੂੰ ਸ਼ਾਂਤ ਰੱਖਣ ਲਈ ਵੱਡੀ ਗਿਣਤੀ 'ਚ ਪੁਲਿਸ ਤਾਇਨਾਤ ਕੀਤੀ ਗਈ ਹੈ। ਉਥੇ ਹੀ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਸਾਦੇ ਕੱਪੜਿਆਂ ਵਿੱਚ ਵੀ ਪੁਲੀਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ।