ਅੰਮ੍ਰਿਤਸਰ: ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਕਿਸਾਨੀ ਸੰਘਰਸ਼ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਅੰਮ੍ਰਿਤਸਰ ਦੇ ਦੇਵੀਦਾਸਪੁਰ ਵਿੱਚ ਰੇਲਵੇ ਲਾਈਨ 'ਤੇ ਖੇਤੀ ਕਾਨੂੰਨਾਂ ਵਿਰੁੱਧ ਡੱਟੇ ਕਿਸਾਨਾਂ ਦਾ ਸੰਘਰਸ਼ 14ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇਸ ਸੰਘਰਸ਼ ਦੇ ਚੱਲਦੇ ਕੇਂਦਰ ਸਰਕਾਰ ਵੀ ਲੱਗਦਾ ਹੈ ਕਿ ਕਿਸਾਨਾਂ ਅੱਗੇ ਝੁਕਦੇ ਹੋਈ ਨਜ਼ਰ ਆ ਰਹੀ ਹੈ। ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ। ਇਸ ਸੱਦੇ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਨਕਾਰ ਦਿੱਤਾ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਮੀਟਿੰਗ ਦਾ ਸੱਦਾ ਦਿੱਤਾ ਹੈ, ਉਸ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਕਾਰਦੀ ਹੈ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਕਿਸਾਨੀ ਮੰਗਾਂ ਬਾਰੇ ਨਹੀਂ ਸਗੋਂ ਕਿਸਾਨ ਵਿਰੋਧੀ ਬਿੱਲਾਂ ਨੂੰ ਕਿਸਾਨਾਂ ਨੂੰ ਸਮਝਾਉਣ ਬਾਰੇ ਹੈ।
ਕਿਸਾਨ ਆਗੂ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਬੁੱਧੂ ਸਮਝਦੀ ਹੈ, ਕੀ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਦੇ ਨਫੇ-ਨੁਕਸਾਨ ਦਾ ਪਤਾ ਨਹੀਂ। ਉਨ੍ਹਾਂ ਕਿਹਾ ਕਿ ਮੀਟਿੰਗ ਕਿਸਾਨਾਂ ਦੀਆਂ ਮੰਗਾਂ 'ਤੇ ਹੋਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਇਸ ਮੀਟਿੰਗ ਵਿੱਚ ਹਿੱਸਾ ਨਹੀਂ ਲਵੇਗੀ।
ਇਸ ਮੌਕੇ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ 6 ਅਕਤੂਬਰ ਨੂੰ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਹਰਿਆਣਾ ਦੇ ਕਿਸਾਨਾਂ 'ਤੇ ਕੀਤਾ ਗਿਆ ਲਾਠੀਚਾਰਜ ਨਿੰਦਨਯੋਗ ਹੈ। ਉਨ੍ਹਾਂ ਕਿਹਾ ਕਿ ਮੋਦੀ ਤੇ ਖੱਟਰ ਸਰਕਾਰ ਕਿਸਾਨੀ ਸੰਘਰਸ਼ ਨੂੰ ਲੀਹ ਤੋਂ ਲਾਂਭੇ ਕਰਨਾ ਚਾਹੁੰਦੀਆਂ ਹਨ।