ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਮੁੱਖ ਸਮਾਗਮ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੇਸ਼ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਲਗਾਤਾਰ ਸੱਦਾ ਦਿੱਤਾ ਜਾ ਰਿਹਾ ਹੈ।
ਭਾਈ ਲੌਂਗੋਵਾਲ ਨੇ ਐਤਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਅਤੇ ਪ੍ਰਕਾਸ਼ ਪੁਰਬ ਸਮਾਗਮ ਵਿੱਚ ਸ਼ਮੂਲੀਅਤ ਲਈ ਸੱਦਾ ਦਿੱਤਾ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਵੀ ਸੱਦਾ ਦੇ ਚੁੱਕੇ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਸਮੇਂ ਭਾਈ ਲੌਂਗੋਵਾਲ ਨੇ ਉਨ੍ਹਾਂ ਨੂੰ 12 ਨਵੰਬਰ ਦੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਲਈ ਕਿਹਾ ਅਤੇ ਮੁੱਖ ਮੰਤਰੀ ਖੱਟਰ ਨੇ ਵੀ ਇਸ ਇਤਿਹਾਸਕ ਮੌਕੇ ’ਤੇ ਹਾਜ਼ਰੀ ਦੀ ਵਚਨਬੱਧਤਾ ਪ੍ਰਗਟਾਈ।
ਇਹ ਵੀ ਪੜੋ : ਮੋਦੀ ਸਰਕਾਰ ਦਾ ਕੈਪਟਨ ਅਮਰਿੰਦਰ ਨੂੰ ਝਟਕਾ
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਪਬਲੀਸਿਟੀ ਵਿਭਾਗ ਰਾਹੀਂ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਨੇ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਸੱਦੇ ਦਾ ਸਵਾਗਤ ਕੀਤਾ ਹੈ।