ਮਾਨਸਾ: ਜਮਹੂਰੀ ਕਿਸਾਨ ਸਭਾ ਪੰਜਾਬ ਦੀ ਤਹਿਸੀਲ ਮਾਨਸਾ ਅਤੇ ਬੁਢਲਾਡਾ ਦੀ ਸਾਂਝੀ ਮੀਟਿੰਗ ਮੇਜਰ ਸਿੰਘ ਦੂਲੋਵਾਲ ਦੀ ਪ੍ਰਧਾਨਗੀ ਹੇਠ ਗੁਰੂਦੁਆਰਾ ਬਾਬਾ ਮੋਤੀ ਰਾਮ ਮਹਿਰਾ, ਠੂਠਿਆਂਵਾਲੀ ਰੋਡ 'ਚ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਵਿੱਚ ਚੱਲ ਰਹੇ ਅੰਦੋਲਨ ਨੂੰ ਫੇਲ੍ਹ ਕਰਨ ਲਈ ਸਰਕਾਰ ਵੱਲੋਂ ਚੱਲੀਆਂ ਜਾ ਰਹੀਆਂ ਚਾਲਾਂ ਨੂੰ ਲੋਕਾਂ ਨੇ ਨਾਕਾਮ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਦੀਆਂ ਹੱਦਾਂ 'ਤੇ ਚੱਲ ਰਹੇ ਸੰਘਰਸ਼ 'ਚ ਮਜਦੂਰਾਂ, ਕਿਸਾਨਾਂ, ਔਰਤਾਂ, ਨੌਜਵਾਨਾਂ ਦੀ ਗਿਣਤੀ ਹਰ ਰੋਜ ਵਾਧਾ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੀ ਕਿਸੇ ਵੀ ਚਾਲ ਨੂੰ ਕਾਮਯਾਬ ਨਹੀਂ ਹੋਣ ਦੇਣਗੇ ਅਤੇ ਆਪਣੇ ਹੱਕ ਲੈ ਕੇ ਹੀ ਘਰਾਂ ਨੂੰ ਵਾਪਸ ਪਰਤਣਗੇ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਵੋਟਾਂ ਵੇਲੇ ਕੀਤੇ ਵਾਅਦਿਆਂ ਤੋਂ ਭੱਜਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਜਿੱਥੇ ਕਿਸਾਨ ਆਪਣੇ ਹੱਕਾਂ ਲਈ ਦਿੱਲੀ ਦੀਆਂ ਹੱਦਾਂ 'ਤੇ ਸੰਘਰਸ਼ ਕਰ ਰਹੇ ਹਨ, ਉੱਥੇ ਪੰਜਾਬ ਦੀਆਂ ਮੰਡੀਆਂ 'ਚ ਬਾਰਦਾਨੇ ਦੀ ਘਾਟ ਕਾਰਨ ਕਣਕ ਦੀ ਲਿਫਟਿੰਗ ਸਮੇਂ ਸਿਰ ਨਹੀਂ ਹੋ ਰਹੀ। ਇਸ ਕਰਕੇ ਕਿਸਾਨ, ਪੱਲੇਦਾਰ ਅਤੇ ਪਰਵਾਸੀ ਮਜ਼ਦੂਰ ਮੰਡੀਆਂ 'ਚ ਖੱਜਲ ਖੁਆਰ ਹੋ ਰਹੇ ਹਨ।
ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸਾਨਾਂ, ਮਜ਼ਦੂਰਾਂ ਦੀ ਹੋ ਰਹੀ ਖੱਜਲ ਖੁਆਰੀ ਨੂੰ ਠੱਲ ਨਾ ਪਾਈ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਤੇਜ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਵਿਸ਼ੇਸ਼ ਕਰਕੇ ਨਰਮਾ ਪੱਟੀ 'ਚ ਨਰਮਾ ਅਤੇ ਪਸ਼ੂਆਂ ਦੇ ਹਰੇ ਚਾਰੇ ਦੀ ਬਿਜਾਈ ਦਾ ਸਮਾਂ ਹੋਣ ਕਰਕੇ ਖਾਲੀ ਨਹਿਰਾਂ 'ਚ ਪਾਣੀ ਛੱਡਿਆ ਜਾਵੇ ਤਾਂ ਜੋ ਸਮੇਂ ਸਿਰ ਨਰਮੇ ਅਤੇ ਹਰੇ ਚਾਰੇ ਦੀ ਬਿਜਾਈ ਕੀਤੀ ਜਾ ਸਕੇ।