ਅੰਮ੍ਰਿਤਸਰ: ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅੱਜ ਅਜਨਾਲਾ ਹਲਕੇ ਦੇ ਸਮੁੱਚੇ ਅਕਾਲੀ ਆਗੂਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਵਿਸ਼ੇਸ਼ ਇਕੱਠ ਵਿੱਚ ਹਲਕਾ ਅਜਨਾਲਾ 'ਚ ਅਕਾਲੀ ਦਲ ਨੂੰ ਮਜ਼ਬੂਤ ਕਰਨ ਤੇ ਕਾਂਗਰਸ ਪਾਰਟੀ ਦੀਆਂ ਨਕਾਮੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਵਿਚਾਰ ਵਟਾਂਦਰਾਂ ਕੀਤਾ ਗਿਆ।
ਇਸ ਉਪਰੰਤ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਹਲਕਾ ਅਜਨਾਲਾ ਦੀ ਸਮੁੱਚੇ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ ਗਈ ਹੈ। ਇਸ ਵਿੱਚ ਸਾਰੇ ਆਗੂਆਂ ਨੂੰ ਇਕਜੁੱਟ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਇਸ ਮੀਟਿੰਗ ਵਿੱਚ ਹਲਕਾ ਅਜਨਾਲਾ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਇਕਜੁੱਟ ਹੋ ਕੇ ਅਜਨਾਲਾ ਪਰਿਵਾਰ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ 2022 ਦੀਆਂ ਚੋਣਾਂ ਵਿੱਚ ਅਕਾਲੀ ਦਲ ਵੱਡੀ ਜਿੱਤ ਹਾਸਲ ਕਰ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਸਭ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਉਹ ਸੂਬਾ ਵਾਸੀਆਂ ਨੂੰ ਕਾਂਗਰਸ ਸਰਕਾਰ ਦੇ ਵਾਅਦੇ ਖ਼ਿਲਾਫ਼ੀ ਪ੍ਰਤੀ ਜਾਗਰੂਕ ਕਰਨਗੇ।
ਮਜੀਠੀਆ ਨੇ ਕੈਪਟਨ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਨੇ ਇਨ੍ਹਾਂ 4 ਸਾਲਾ ਵਿੱਚ ਨੌਜਵਾਨਾਂ ਨੂੰ ਇੱਕ ਵੀ ਸਰਕਾਰੀ ਨੌਕਰੀ ਨਹੀਂ ਦਿੱਤੀ। ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਸਿਰਫ਼ ਐਲਾਨ ਹੀ ਕਰ ਰਹੀ ਹੈ ਤੇ ਉਨ੍ਹਾਂ ਐਲਾਨਾਂ ਨਾਲ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ਕੈਪਟਨ ਦੀ ਕਾਂਗਰਸ ਸਰਕਾਰ ਪੰਜਾਬੀਆਂ ਪ੍ਰਤੀ ਬੇਈਮਾਨ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਵਿਸ਼ੇਸ਼ ਇਕੱਠ ਵਿੱਚ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਕੁਲਦੀਪ ਸਿੰਘ ਤੇਡਾ ਤੇ ਅਮਰੀਕ ਸਿੰਘ ਵਿਛੋਆ ਸਮੇਤ ਹੋਰ ਸਰਕਲ ਪ੍ਰਧਾਨਾਂ ਤੇ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ:ਹੱਕੀ ਮੰਗਾਂ ਨੂੰ ਲੈ ਕੇ ਆਸ਼ਾ ਵਰਕਰ ਯੂਨੀਅਨ ਨੇ ਸ਼ੁਰੂ ਕੀਤੀ ਭੁੱਖ ਹੜਤਾਲ