ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਅੱਜ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰ ਬਲਵਿੰਦਰ ਸਿੰਘ ਬੈਂਸ ਕਿਹਾ ਕਿ ਅੱਜ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਲਈ ਇਜਲਾਸ ਕੀਤਾ ਜਾ ਰਿਹਾ ਹੈ। ਇਸ ਮੌਕੇ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਆਪਣੀ ਜ਼ਮੀਰ ਨੂੰ ਜਗਾਉਣਾ ਚਾਹੀਦਾ ਹੈ ਕਿਉਂਕਿ ਪਿਛਲੇ ਸਮੇਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਹੋਈ ਜੋ ਕਿ ਗੁਰੂ ਸਾਹਿਬ ਸਾਰੇ ਹੀ ਸਿੱਖ ਜਗਤ 'ਤੇ ਹਨ, ਇਸ ਲਈ ਇਸ ਦਾ ਹਿਸਾਬ ਮੰਗਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਹ ਵਿਰੋਧੀ ਧਿਰ ਵਜੋਂ ਆਪਣੀ ਭੂਮਿਕਾ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਬਾਖੂਬੀ ਨਿਭਾਉਣਗੇ।
ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਕਿਸੇ ਵੀ ਦੋਸ਼ੀ ਵਿਅਕਤੀ ਦੀ ਬਦਲੀ ਹਰਿਆਣਾ ਵਿੱਚ ਕੀਤੀ ਜਾਂਦੀ ਹੈ ਪਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਸਲੇ ਵਿੱਚ ਦੋਸ਼ੀ ਵਿਅਕਤੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੈੱਡਕੁਆਰਟਰ ਹੀ ਰੱਖਿਆ ਗਿਆ ਹੈ। ਇਸ ਪਿੱਛੇ ਕਾਰਨ ਇਹ ਜਾਪਦਾ ਹੈ ਕਿ ਸਰੂਪਾਂ ਦੇ ਮਾਮਲੇ ਵਿੱਚ ਕਿਸੇ ਵੱਡੇ ਸਿਆਸੀ ਆਗੂ ਦਾ ਹੱਥ ਹੈ। ਜੇਕਰ ਦੋਸ਼ੀ ਵਿਅਕਤੀ ਹਰਿਆਣਾ ਵਿੱਚ ਭੇਜੇ ਜਾਂਦੇ ਹਨ ਤਾਂ ਵੱਡੇ ਦੋਸ਼ੀ ਵਿਅਕਤੀ ਬਾਰੇ ਖੁਲਾਸੇ ਕਰ ਸਕਦੇ ਹਨ, ਇਸ ਲਈ ਹੀ ਇਨ੍ਹਾਂ ਨੂੰ ਅੰਮ੍ਰਿਤਸਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਇਜਲਾਸ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਅਤੇ ਹੋਰ ਸਾਰੇ ਮਸਲਿਆਂ ਨੂੰ ਚੁੱਕਿਆ ਜਾਵੇਗਾ।