ਅੰਮ੍ਰਿਤਸਰ: ਕਾਫੀ ਲੰਮੇ ਸਮੇਂ ਤੋਂ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਦੀ ਕੋਠੀ ਦੇ ਬਾਹਰ ਵੀ ਮੀਟਰ ਰੀਡਰਾਂ ਦਾ ਚੱਲ ਰਿਹਾ ਧਰਨਾ ਚੱਲ ਰਿਹਾ ਹੈ। ਹੁਣ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ 'ਚ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਫਤਰ ਬਾਹਰ ਪੱਕਾ ਧਰਨਾ ਲਗਾਇਆ ਗਿਆ ਹੈ। ਇਹ ਧਰਨਾ ਪਾਵਰਕੌਮ ਮੀਟਰ ਰੀਡਰ ਯੂਨੀਅਨ (ਅਜ਼ਾਦ) ਨੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਫਤਰ ਦੇ ਬਾਹਰ ਲਗਾਇਆ ਹੈ।
ਉਨ੍ਹਾਂ ਵੱਲੋਂ ਪਹਿਲਾਂ ਇੱਕ ਰੋਸ ਮਾਰਚ ਕੱਢਿਆ ਗਿਆ ਫਿਰ ਪਾਵਰਕੌਮ ਮੀਟਰ ਰੀਡਰ ਯੂਨੀਅਨ (ਅਜ਼ਾਦ) ਵੱਲੋ ਬਿਜਲੀ ਮੰਤਰੀ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਬੈਠ ਗਏ। ਇਸ ਮੌਕੇ ਗੱਲਬਾਤ ਕਰਦਿਆਂ ਮੀਟਰ ਰੀਡਰਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਦੀ ਕੋਠੀ ਦੇ ਬਾਹਰ ਵੀ ਮੀਟਰ ਰੀਡਰਾਂ ਦਾ ਕਾਫੀ ਸਮੇਂ ਤੋਂ ਧਰਨਾ ਚੱਲ ਰਿਹਾ ਹੈ ਪਰ ਪੰਜਾਬ ਸਰਕਾਰ ਵੱਲੋਂ ਸਾਡੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਪ੍ਰਦਰਸ਼ਨਕਾਰੀਆਂ ਵੱਲੋਂ ਬਿਜਲੀ ਦੇ ਬਿੱਲ ਵੰਡਣ ਲਈ ਪ੍ਰਾਈਵੇਟ ਕੰਪਨੀਆਂ ਨੂੰ ਦਿੱਤੇ ਗਏ ਟੈਂਡਰ ਰੱਦ ਕੀਤੇ ਜਾਣ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਸਾਡੇ ਨਾਲ ਧੱਕਾ ਕਰ ਰਹੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੀਆਂ ਸੇਵਾਵਾਂ ਮੀਟਰ ਰੀਡਰਾਂ ਦੀਆਂ ਸਿੱਧੇ ਤੌਰ ’ਤੇ ਪੀਐਸਪੀਸੀਐਲ ਅਧੀਨ ਰੈਗੂਲਰ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਮੰਤਰੀ ਹਰਭਜਨ ਸਿੰਘ ਦੇ ਨਾਲ ਸਾਡੀਆਂ ਤਿੰਨ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕੋਈ ਨੀਤਜਾ ਨਹੀਂ ਨਿੱਕਲਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਾਡੀ ਮੰਗ ਹੈ ਕਿ ਪ੍ਰਾਈਵੇਟ ਕੰਪਨੀਆਂ ਨੂੰ ਬਾਹਰ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਹੁਣ ਸਾਡਾ ਸੰਗਰਸ਼ ਉਨ੍ਹਾਂ ਚਿਰ ਤੱਕ ਰਹੇਗਾ ਜਦੋਂ ਤੱਕ ਮੰਤਰੀ ਹਰਭਜਨ ਸਿੰਘ ਸਾਡੀਆਂ ਮੰਗਾ ਦਾ ਹੱਲ ਨਹੀਂ ਕਰਦੇ।
ਇਹ ਵੀ ਪੜ੍ਹੋ: ਸੀਐੱਮ ਰਿਹਾਇਸ਼ ਅੱਗੇ ਪ੍ਰਦਰਸ਼ਨ: ਬੇਰੁਜ਼ਗਾਰ ਅਧਿਆਪਕ ਅਤੇ ਪੁਲਿਸ ਵਿਚਾਲੇ ਝੜਪ