ਅੰਮ੍ਰਿਤਸਰ: ਪੰਜਾਬ ਵਿੱਚ ਦਿਨੋਂ ਦਿਨ ਵੱਧ ਰਹੇ ਕੋਰੋਨਾ ਕੇਸਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਪੁਖਤਾ ਅਗਾਉਂ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸੂਬੇ ਦੇ ਨਗਾਰਿਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਚੰਗੇ ਪ੍ਰਬੰਧ ਅਤੇ ਜਾਗਰੂਕ ਕੀਤਾ ਜਾ ਸਕੇ।
ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਸਾਹਿਬ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਰੋਨਾ ਤੋਂ ਬਚਾਅ ਲਈ ਵੈਕਸੀਨ ਦੀ ਦੂਜੀ ਡੋਜ ਲਗਵਾਉਣ ਉਪਰੰਤ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਕੋਰੋਨਾ ਵੈਕਸੀਨ ਲਗਵਾਉਣ ਅਤੇ ਇਸ ਦੇ ਨਾਲ ਹੀ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਵੀ ਪਾਲਣਾ ਕਰਨੀ ਅਤਿ ਜਰੂਰੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਨਿਯਮਾਂ ਅਨੁਸਾਰ ਸਮਾਜਿਕ ਦੂਰੀ, ਮਾਸਕ ਲਗਾਉਣ ਦੇ ਨਾਲ ਨਾਲ ਸਿਹਤ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਪ੍ਰੇਸ਼ਾਨੀ ਆਉਣ ਤੇ ਨੇੜਲੇ ਸਿਹਤ ਕੇਂਦਰ ਵਿੱਚ ਪਹੁੰਚ ਕੀਤੀ ਜਾਵੇ।
ਦੱਸਣਯੋਗ ਹੈ ਕਿ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਵੱਖ ਵੱਖ ਟੀਮਾਂ ਵਲੋਂ ਪਿੰਡਾਂ ਵਿੱਚ ਕੈਂਪ ਲਗਾ ਕੇ ਵੈਕਸੀਨ ਲਗਵਾਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।