ਅੰਮ੍ਰਿਤਸਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਜਿੱਥੇ ਸਿਆਸੀ ਪਾਰਟੀਆਂ ਸਰਗਰਮ ਹਨ। ਉੱਥੇ ਹੀ, ਦੂਜੇ ਪਾਸੇ ਕਈ ਸਿਆਸੀ ਆਗੂ ਨਾਰਾਜ਼ਗੀਆਂ ਦੇ ਚੱਲਦਿਆ ਦੂਜੀਆਂ ਪਾਰਟੀਆਂ ਚ ਸ਼ਾਮਲ ਵੀ ਹੋ ਰਹੇ ਹਨ। ਇਸੇ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੰਮ੍ਰਿਤਸਵ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਜਸਬੀਰ ਡਿੰਪਾ ਦੇ ਭਰਾ ਰਾਜਨ ਗਿੱਲ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਕੀਤਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ ਮਾਝੇ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਖਡੂਰ ਸਾਹਿਬ ਦੀ ਸਿਆਸਤ 'ਚ ਤਾਕਤ ਮਿਲੀ ਹੈ। ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਭਰਾ ਰਾਜਨ ਗਿੱਲ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਹ ਚਾਰ ਪੀੜ੍ਹੀਆਂ ਤੋਂ ਕਾਂਗਰਸ ਦੇ ਨਾਲ ਸੀ ਪਰ ਹੁਣ ਕਾਂਗਰਸ ਦੀਆਂ ਚਾਲਾਂ ਤੋਂ ਤੰਗ ਆ ਕੇ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ।
ਇਸ ਮੌਕੇ ਰਾਜਨ ਗਿੱਲ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਇੰਨਾ ਮਾਣ-ਸਤਿਕਾਰ ਦਿੱਤਾ ਹੈ। ਉਨ੍ਹਾਂ ਦੇ ਕਈ ਸਾਥੀ ਜੋ ਕਾਂਗਰਸ ਵਿੱਚ ਚੰਗੇ ਅਹੁਦੇ 'ਤੇ ਸਨ, ਵੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਜਿਸ ਵਿੱਚ ਕੁਝ ਸਰਪੰਚ ਅਤੇ ਪੰਚ ਵੀ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਾਦਾ ਸੁਤੰਤਰਤਾ ਸੈਨਾਨੀ ਸਨ ਅਤੇ ਪਿਤਾ ਵਿਧਾਇਕ ਸਨ ਅਤੇ ਹੁਣ ਉਨ੍ਹਾਂ ਦਾ ਭਰਾ ਕਾਂਗਰਸ ਵਿੱਚ ਮੈਂਬਰ ਪਾਰਲੀਮੈਂਟ ਹਨ ਅਤੇ ਜੇਕਰ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ ਤਾਂ ਇਸ ਦਾ ਮਤਲਬ ਹੈ ਕਿ ਕਾਂਗਰਸ ਦਾ ਪਤਨ ਸ਼ੁਰੂ ਹੋ ਗਿਆ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਲਈ ਬਹੁਤ ਵੱਡਾ ਦਿਨ ਹੈ ਚੰਨੀ ਦਾ ਭਰਾ ਆਜ਼ਾਦ ਲੜ ਰਿਹਾ ਹੈ ਤੇ ਚੰਨੀ ਮੁੱਖ ਮੰਤਰੀ ਦਾ ਚਿਹਰਾ ਹੈ, ਇਹ ਪਾਰਟੀ ਦੀ ਸਥਿਤੀ ਹੈ। ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਉਹ ਸਪੱਸ਼ਟ ਕਰਨਗੇ ਕਿ ਚਰਨਜੀਤ ਸਿੰਘ ਚੰਨੀ ਆਪਣੀਆਂ ਦੋਵੇਂ ਸੀਟਾਂ ਤੋਂ ਹਾਰ ਰਹੇ ਹਨ, ਇਸ ਵਾਰ ਕਾਂਗਰਸ 10 ਤੋਂ ਵੱਧ ਸੀਟਾਂ ਨਹੀਂ ਜਿੱਤ ਸਕਦੀ।
ਦੂਜੇ ਪਾਸੇ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਦੇ ਬਾਬਾ ਬਕਾਲਾ 'ਚ ਕਾਂਗਰਸ ਰਾਜਨ ਦੀ ਸ਼ਹਿ 'ਤੇ ਹੀ ਸੀਟਾਂ ਜਿੱਤਦੀ ਸੀ ਪਰ ਇਸ ਵਾਰ ਉਨ੍ਹਾਂ ਨੂੰ ਉਥੋਂ ਹੀ ਕਰਾਰਾ ਜਵਾਬ ਮਿਲਣ ਵਾਲਾ ਹੈ।
ਇਹ ਵੀ ਪੜੋ: ਹਲਕਾ ਭਦੌੜ 'ਚ ਚਰਨਜੀਤ ਚੰਨੀ ਦਾ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵਿਰੋਧ