ਅੰਮ੍ਰਿਤਸਰ: ਸ੍ਰੀ ਹਰਮਿੰਦਰ ਸਾਹਿਬ ਅੰਮ੍ਰਿਤਸਰ ਦੇ ਮੁੱਖ ਗ੍ਰੰਥੀ ਰਹੇ ਸ਼ਹੀਦ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਤ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ।
ਇਸ ਮੌਕੇ ਭਾਈ ਕਾਰਜ ਸਿੰਘ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ। ਦਰਬਾਰ ਸਾਹਿਬ ਦੇ ਅਰਦਾਸੀਆ ਪ੍ਰੇਮ ਸਿੰਘ ਨੇ ਅਰਦਾਸ ਕੀਤੀ। ਗੁਰਦੁਆਰਾ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸ਼ਹੀਦ ਭਾਈ ਮਨੀ ਸਿੰਘ ਜੀ ਬਾਰੇ ਕਥਾ ਕੀਤੀ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਐਸਜੀਪੀਸੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸ੍ਰੋਮਣੀ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸ਼ਹੀਦ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸ਼ਰਧਾ ਅਤੇ ਭਾਵਨਾ ਨਾਲ ਸਮਾਗਮ ਕਰਵਾਇਆ ਗਿਆ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਭਾਈ ਮਨੀ ਸਿੰਘ ਦੇ ਜੀਵਨ ਤੋਂ ਸਿੱਖਿਆ ਲੈ ਕੇ ਆਪਣੇ ਜੀਵਨ ਨੂੰ ਸੁਚੱਜੇ ਢੰਗ ਨਾਲ ਬਿਤਾਉਣਾ ਚਾਹੀਦਾ ਹੈ। ਸ਼ਹੀਦ ਭਾਈ ਮਨੀ ਸਿੰਘ ਦੇ ਬੰਦ-ਬੰਦ ਕੱਟ ਕੇ 1737 ਈਸਵੀ ਵਿੱਚ ਸ਼ਹੀਦ ਕੀਤਾ ਗਿਆ ਸੀ।