ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਦੂਜੇ ਦਿਨ ਵੀ ਲਗਾਤਾਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਤੜਕਸਾਰ ਪਰਿਵਾਰ ਨਾਲ ਗੁਰਦੁਆਰਾ ਸਾਹਿਬ ਜਾਣ ਲਈ ਨਿਕਲੇ ਨੌਜਵਾਨ ਦਾ ਦੋ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਮੁਲਜ਼ਮ ਲੁੱਟ ਦੀ ਨੀਅਤ ਨਾਲ ਆਏ ਸਨ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪਤਨੀ ਅਤੇ ਬੱਚੇ ਦੇ ਬਿਆਨ ਲਏ ਜਾ ਰਹੇ ਹਨ।
ਤੜਕਸਾਰ ਵਾਪਰੀ ਘਟਨਾ: ਇਹ ਘਟਨਾ ਅੰਮ੍ਰਿਤਸਰ ਦੇ ਘਣੂਪੁਰ ਕਾਲੇ ਵਿਖੇ ਵਾਪਰੀ ਹੈ। ਮ੍ਰਿਤਕ ਦੀ ਪਹਿਚਾਣ ਹਰਪਿੰਦਰ ਸਿੰਘ (35) ਵਜੋਂ ਹੋਈ ਹੈ ਅਤੇ ਉਹ ਕੁਝ ਦਿਨ ਪਹਿਲਾਂ ਹੀ ਦੁਬਈ ਤੋਂ ਅੰਮ੍ਰਿਤਸਰ ਪਰਤਿਆ ਸੀ। ਸਵੇਰੇ 3.30 ਵਜੇ ਉਹ ਆਪਣੇ ਬੱਚੇ ਅਤੇ ਪਤਨੀ ਨਾਲ ਗੁਰਦੁਆਰਾ ਸਾਹਿਬ ਲਈ ਰਵਾਨਾ ਹੋਇਆ ਸੀ। ਉਦੋਂ ਦੋ ਅਣਪਛਾਤੇ ਨੌਜਵਾਨ ਬਾਈਕ 'ਤੇ ਆਏ। ਉਨ੍ਹਾਂ ਨੇ ਆਉਂਦਿਆਂ ਹੀ ਲੁੱਟ ਦੀ ਕੋਸ਼ਿਸ਼ ਕੀਤੀ ਪਰ ਹਰਪਿੰਦਰ ਨੇ ਇਸ ਦਾ ਵਿਰੋਧ ਕੀਤਾ। ਫਿਰ ਮੁਲਜ਼ਮ ਨੇ ਮ੍ਰਿਤਕ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਲੋਕ ਬਾਹਰ ਆ ਗਏ ਅਤੇ ਹਰਪਿੰਦਰ ਨੂੰ ਹਸਪਤਾਲ ਲੈਕੇ ਗਏ ਪਰ ਹਰਪਿੰਦਰ ਦੀ ਮੌਤ ਹੋ ਗਈ।
ਪਰਿਵਾਰ ਨੇ ਇਨਸਾਫ਼ ਦੀ ਕੀਤੀ ਮੰਗ: ਇਸ ਘਟਨਾ ਤੋਂ ਬਾਅਦ ਪਰਿਵਾਰ ਸਦਮੇ 'ਚ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਕਿ ਮ੍ਰਿਤਕ ਕੁਝ ਦਿਨਾਂ ਪਹਿਲਾਂ ਹੀ ਦੁਬਈ ਤੋਂ ਵਾਪਸ ਆਇਆ ਸੀ ਅਤੇ ਐਤਵਾਰ ਹੋਣ ਕਾਰਨ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਪਰਿਵਾਰ ਨਾਲ ਜਾ ਰਿਹਾ ਸੀ। ਉਨ੍ਹਾਂ ਪੁਲੀਸ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਕਾਤਲਾਂ ਨੂੰ ਜਲਦ ਕਾਬੂ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ।
ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ: ਵਾਰਦਾਤ ਦੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਛੇਹਰਟਾ ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲੀਸ ਇਸ ਮਾਮਲੇ 'ਚ ਕੁਝ ਵੀ ਕਹਿਣ ਤੋਂ ਟਾਲਾ ਵੱਟ ਰਹੀ ਹੈ। ਉਨ੍ਹਾਂ ਨੇ ਜਾਂਚ ਦਾ ਹਵਾਲਾ ਦਿੰਦੇ ਹੋਏ ਵਾਧੂ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ।
ਸੀਸੀਟੀਵੀ ਕੈਮਰਿਆਂ ਦੀ ਜਾਂਚ: ਘਟਨਾ ਤੋਂ ਬਾਅਦ ਪੁਲੀਸ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲੀਸ ਵਲੋਂ ਪਤਨੀ ਅਤੇ ਬੱਚੇ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਮੋਟਰਸਾਈਕਲ ਸਵਾਰਾਂ ਦਾ ਸੁਰਾਗ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਬੀਤੇ ਦਿਨ ਵੀ ਹੋਇਆ ਸੀ ਕਤਲ: ਦੱਸ ਦਈਏ ਕਿ ਅੰਮ੍ਰਿਤਸਰ 'ਚ ਦੋ ਦਿਨਾਂ 'ਚ ਇਹ ਦੂਸਰਾ ਕਤਲ ਹੈ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਵੀ ਪੁਲਿਸ ਦੀ ਮੌਜੂਦਗੀ 'ਚ ਇਕ 'ਆਪ' ਵਰਕਰ ਵਲੋਂ ਪੁਲਿਸ ਦੀ ਮੌਜੂਦਗੀ 'ਚ ਗੋਲੀ ਚਲਾ ਦਿੱਤੀ ਸੀ, ਜਿਸ 'ਚ ਇਕ ਵਿਅਕਤੀ ਦੀ ਜਾਨ ਚਲੀ ਗਈ ਸੀ।
ਇਹ ਵੀ ਪੜ੍ਹੋ: ਸੰਗਰੂਰ ਜ਼ਿਮਨੀ ਚੋਣ: ਰਾਜਾ ਵੜਿੰਗ ਨੇ ਆਪ ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ