ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦੇ 150 ਸਾਲਾ ਸਥਾਪਨਾ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਤਹਿਤ 21 ਸਤੰਬਰ 2023 ਨੂੰ ਖਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਦੇ ਸ. ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਸ ਸੈਮੀਨਾਰ ਦੀਆਂ ਤਿਆਰੀਆਂ ਸਬੰਧੀ ਅੱਜ ਖਾਲਸਾ ਕਾਲਜ ਵਿਖੇ ਵਿਸ਼ੇਸ਼ ਇਕੱਤਰਤਾ ਹੋਈ।
ਕੀ ਹੈ ਸਿੰਘ ਸਭਾ ਲਹਿਰ: ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ 19ਵੀਂ ਸਦੀ ਵਿਚ ਸਿੱਖ ਧਰਮ ’ਤੇ ਹੋ ਰਹੇ ਹਮਲਿਆਂ ਨੂੰ ਠੱਲ੍ਹ ਪਾਉਣ ਲਈ ਸੁਹਿਰਦ ਸਿੱਖਾਂ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦੀ ਸਥਾਪਨਾ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਵਿਰਾਸਤੀ ਧਰੋਹਰ ਖਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਨੂੰ ਸਿੰਘ ਸਭਾ ਲਹਿਰ ਦੀ ਉਪਜ ਦੇ ਤੌਰ ’ਤੇ ਜਾਣਿਆ ਜਾਂਦਾ ਹੈ।
ਵਿਸ਼ੇਸ਼ ਸੈਮੀਨਾਰ ਦੀ ਤਿਆਰੀ: ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ ਸਮਾਗਮਾਂ ਤਹਿਤ ਖਾਲਸਾ ਕਾਲਜ ਵਿਖੇ 21 ਸਤੰਬਰ 2023 ਨੂੰ “ਸਿੰਘ ਸਭਾ ਲਹਿਰ ਪਿਛੋਕੜ, ਸਥਾਪਨਾ, ਕਾਰਜ ਦੇ ਪ੍ਰਾਪਤੀਆਂ” ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਭਾਈ ਗਰੇਵਾਲ ਨੇ ਦੱਸਿਆ ਕਿ ਇਸ ਸੈਮੀਨਾਰ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ, ਜਦਕਿ ਡਾ. ਹਰਭਜਨ ਸਿੰਘ ਅਤੇ ਡਾ. ਇੰਦਰਜੀਤ ਸਿੰਘ ਗੋਗੋਆਣੀ ਵੱਲੋਂ ਪਰਚੇ ਪੜ੍ਹੇ ਜਾਣਗੇ।
ਲਹਿਰ ਦੀ 150 ਸਾਲਾ ਸ਼ਤਾਬਦੀ : ਇਸੇ ਦੌਰਾਨ ਆਲ ਇੰਡੀਆ ਧਰਮ ਪ੍ਰਚਾਰ ਲਹਿਰ ਦੇ ਚੇਅਰਮੇਨ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ਤਾਬਦੀ ਨੂੰ ਲੈ ਕੇ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ ਮਨਾਉਂਦਿਆਂ ਲਹਿਰ ਦੇ ਮਨੋਰਥ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਪਿੰਡਾਂ ਅੰਦਰ ਵੀ ਸਮਾਗਮ ਕੀਤੇ ਜਾ ਰਹੇ ਹਨ।
ਇਸ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਆਲ ਇੰਡੀਆ ਧਰਮ ਪ੍ਰਚਾਰ ਲਹਿਰ ਦੇ ਚੇਅਰਮੈਨ ਭਾਈ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਸਿੱਖ ਵਿਦਿਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਸੈਮੀਨਾਰ ਦੇ ਕੋਆਰਡੀਨੇਟਰ ਸ. ਰਾਜਵਿੰਦਰ ਸਿੰਘ ਜੋਗਾ ਸ਼ਾਮਲ ਹੋਏ।