ਅੰਮ੍ਰਿਤਸਰ : ਪੰਜਾਬ ਵਿੱਚ ਲਗਾਤਾਰ ਹੀ ਲਾਅ ਐਨ ਆਰਡਰ ਦੀ ਸਥਿਤੀ ਦਿਖਾਈ ਦੇ ਰਹੀ ਹੈ ਸ਼ਰੇਆਮ ਲੁੱਟਾਂ ਖੋਹਾਂ ਤੇ ਕਤਲ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਬਟਾਲਾ ਰੋਡ ਦਾ ਹੈ। ਜਿੱਥੇ ਦਿਨ ਦਿਹਾੜੇ ਸ਼ਰੇਆਮ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਦੇ ਗੋਲੀਆਂ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਹਾਲਾਂਕਿ ਜਦੋਂ ਨੌਜਵਾਨ ਦੇ ਗੋਲੀਆਂ ਲੱਗੀਆਂ ਤਾਂ ਮੌਕੇ 'ਤੇ ਮੌਜੂਦ ਲੋਕਾਂ ਦੀ ਮਦਦ ਨਾਲ ਉਸ ਨੂੰ ਨਜ਼ਦੀਕੀ ਹਸਪਤਾਲ ਵਿੱਚ ਪਹੁੰਚਾਇਆ ਗਿਆ। ਜਿੱਥੇ ਕਿ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਇਸ ਸਬੰਧ ਵਿੱਚ ਪਰਿਵਾਰਿਕ ਮੈਂਬਰਾਂ ਨਾਲ ਜਦੋਂ ਗੱਲਬਾਤ ਕੀਤੀ ਤਾਂ ਉਹਨਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਕਿਸੇ ਨਾਲ ਵੀ ਕੋਈ ਦੁਸ਼ਮਣੀ ਨਹੀਂ ਸੀ ਅਤੇ ਨਾ ਹੀ ਕਦੇ ਕੋਈ ਕਲੇਸ਼ ਹੋਇਆ ਸੀ।
ਪਰਿਵਾਰ ਨੇ ਪੁਲਿਸ ਉੱਤੇ ਚੁੱਕੇ ਸਵਾਲ : ਭਰੇ ਬਾਜ਼ਾਰ ਵਿੱਚ ਅਚਾਨਕ ਹੀ ਉਸ ਨੂੰ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਮਾਰੀਆਂ ਗਈਆਂ ਹਨ। ਪਰਿਵਾਰਿਕ ਮੈਂਬਰਾਂ ਨੇ ਪੁਲਿਸ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਸ਼ਰੇਆਮ ਹੀ ਨੌਜਵਾਨ ਹਥਿਆਰ ਰੱਖ ਕੇ ਘੁੰਮਦੇ ਦਿਖਾਈ ਦਿੰਦੇ ਹਨ। ਪਰ ਪੁਲਿਸ ਉਹਨਾਂ ਨੂੰ ਕੁਝ ਨਹੀਂ ਕਹਿੰਦੀ ਅਤੇ ਆਮ ਲੋਕਾਂ ਨੂੰ ਰੋਕ ਕੇ ਉਹਨਾਂ ਨੂੰ ਤੰਗ ਪਰੇਸ਼ਾਨ ਕਰਦੀ ਦਿਖਾਈ ਦਿੰਦੀ ਹੈ। ਉਨ੍ਹਾਂ ਕਿਹਾ ਸ਼ਰੇਆਮ ਇਸ ਤਰੀਕੇ ਗੋਲੀਆਂ ਚਲਾ ਕੇ ਚਲੇ ਜਾਣਾ,ਪੁਲਿਸ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਖੜ੍ਹੇ ਹੁੰਦੇ ਹਨ। ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਹ ਹੁਣ ਪੁਲਿਸ ਪਾਸੋਂ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ।
ਪੁਲਿਸ ਨੇ ਬਣਦੀ ਕਾਰਵਾਈ ਦਾ ਦਿੱਤਾ ਭਰੋਸਾ : ਦੂਜੇ ਪਾਸੇ ਇਸ ਮਾਮਲੇ ਵਿੱਚ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨਾਲ ਜਦੋਂ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਨੇ ਇਹ ਦੱਸਿਆ ਕਿ ਫਿਲਹਾਲ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੇ ਦੋ ਗੋਲੀਆਂ ਲੱਗੀਆਂ ਹਨ ਅਤੇ ਬਾਕੀ ਪਰਿਵਾਰਿਕ ਮੈਂਬਰਾਂ ਦੇ ਬਿਆਨ ਕਲਮ ਬੰਦ ਕਰ ਰਹੇ ਹਨ ਅਤੇ ਉਸ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ ਤੇ ਜਲਦ ਹੀ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਨਿੱਤ ਦਿਨ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਨਾਲ ਹੀ ਲੋਕ ਸੂਬਾ ਸਰਕਾਰ ਨੂੰ ਵੀ ਕੋਸਦੇ ਨਜ਼ਰ ਆਉਂਦੇ ਹਨ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਉਦੋਂ ਤੋਂ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਢਾਅ ਲੱਗੀ ਹੈ। ਬਦਮਾਸ਼ਾਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਦਿਨ ਦਿਹਾੜੇ ਲੋਕਾਂ ਦੀਆਂ ਜਾਨਾਂ ਲਈਆਂ ਜਾ ਰਹੀਆਂ ਹਨ।