ਅੰਮ੍ਰਿਤਸਰ: ਖੇਤੀ ਆਰਡੀਨੈਂਸ ਜੋ ਕੇ ਹੁਣ ਕਾਨੂੰਨ ਦਾ ਰੂਪ ਲੈ ਚੁੱਕ ਹਨ ਦੇ ਵਿਰੋਧ ਵਿੱਚ ਪੰਜਾਬ ਵਿੱਚ ਲਗਾਤਾਰ ਸੰਘਰਸ਼ ਜਾਰੀ ਹੈ। ਪੰਜ ਦਿਨਾਂ ਤੋਂ ਅੰਮ੍ਰਿਤਸਰ ਦੇ ਦੇਵੀਪੁਰਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਜਾਰੀ ਹੈ। 28 ਸਤਬੰਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਨੌਜਵਾਨ ਬਜ਼ੁਰਗ ਅਤੇ ਔਰਤਾਂ ਕੇਸਰੀ ਪੱਗਾਂ ਬੰਨ੍ਹ ਅਤੇ ਕੇਸਰੀ ਚੁੰਨੀਆਂ ਲੈ ਕੇ ਪਹੁੰਚੇ।
ਰੇਲ ਪਟੜੀਆਂ 'ਤੇ ਬੈਠ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਭਾਜਪਾ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਕਿਸਾਨਾਂ ਨੇ ਕਿਹਾ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਵੱਡੇ ਪੱਧਰ 'ਤੇ ਨੌਜਵਾਨ ਸ਼ਾਮਲ ਹੋਏ ਹਨ ਅਤੇ ਉਨ੍ਹਾਂ ਨੇ ਅਹਿਦ ਕੀਤਾ ਹੈ ਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣਗੇ।
ਕਿਸਾਨਾਂ ਨੇ ਕਿਹਾ ਬਾਕੀ ਰਾਜਾਂ ਦੇ ਕਿਸਾਨਾਂ ਨੇ ਵੀ ਉਨ੍ਹਾਂ ਨਾਲ ਸੰਪਰਕ ਕੀਤਾ ਹੈ। ਉਹ ਵੀ ਇਨ੍ਹਾਂ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਤਿੱਖਾ ਕਰਨਗੇ। ਉਨ੍ਹਾਂ ਕਿਹਾ ਕਿ ਸਿਆਸੀ ਧਿਰਾਂ ਆਪਣਾ ਸੋੜਾਪਣ ਛੱਡ ਕੇ ਇੱਕ ਪਲੇਟਫਾਰਮ 'ਤੇ ਇੱਕਠੀਆਂ ਹੋਣ।
ਕਿਸਾਨ ਆਗੂਆਂ ਨੇ ਕਿਹਾ ਕਿ ਅੱਗੇ ਦੀ ਰਣਨੀਤੀ ਲਈ ਮੀਟਿੰਗ ਕੀਤੀ ਜਾ ਰਹੀ ਹੈ ਅਤੇ ਉਸ ਮੀਟਿੰਗ ਵਿੱਚ ਰੇਲ ਰੋਕ ਅੰਦੋਲਨ ਦੀ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।