ਅੰਮ੍ਰਿਤਸਰ: ਸ਼ਹਿਰ ਦੀ ਰਣਜੀਤ ਐਵੀਨਿਊ ਵਿਖੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਬਾਊਂਸਰ ਜਗਰੂਪ ਸਿੰਘ ਜੱਗਾ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਨੌਜਵਾਨ ਸੁਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਵਿਖੇ ਯੂਰਪੀਅਨ ਨਾਇਟ ਕਲੱਬ ਤੋਂ ਡਿਊਟੀ ਤੋਂ ਵਾਪਸ ਆ ਰਹੇ ਬਾਊਂਸਰ ਜਗਰੂਪ ਸਿੰਘ ਜੱਗਾ ਦਾ ਉਸ ਦੇ ਸਾਥੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਰਾਬਿਨ ਹੰਸ ਨੇ ਦੱਸਿਆ ਕਿ ਉਕਤ ਮਾਮਲੇ ਵਿੱਚ ਧਾਰਾ 302 ਤਹਿਤ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ ਐਤਵਾਰ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਮਾਮਲਾ ਪੁਰਾਣੀ ਰੰਜਿਸ਼ ਦਾ ਹੈ, ਜਿਸ ਕਾਰਨ ਜਗਰੂਪ ਸਿੰਘ ਦਾ ਕਤਲ ਕੀਤਾ ਗਿਆ ਸੀ।
ਫੜੇ ਗਏ ਕਥਿਤ ਦੋਸ਼ੀ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਨੇ ਹੀ ਬਾਊਂਸਰ ਜਗਰੂਪ ਸਿੰਘ ਦੀ ਸਾਰੀ ਰੇਕੀ ਕੀਤੀ ਸੀ ਅਤੇ ਉਸ ਉਪਰੰਤ ਹੀ ਇਸ ਨੇ ਦੋ ਹੋਰ ਨੌਜਵਾਨਾਂ ਨੂੰ ਬੁਲਾ ਕੇ ਜਗਰੂਪ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਵੱਲੋਂ ਰੇਕੀ ਲਈ ਵਰਤੀ ਗਈ ਗੱਡੀ ਵੀ ਬਰਾਮਦ ਕਰ ਲਈ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਉੱਪਰ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਤਿੰਨ-ਚਾਰ ਮਹੀਨੇ ਪਹਿਲਾਂ ਹੀ ਸਜ਼ਾ ਕੱਟ ਕੇ ਬਾਹਰ ਆਇਆ ਸੀ।
ਪੁਲਿਸ ਅਧਿਕਾਰੀ ਨੇ ਕਿਹਾ ਕਿ ਕਥਿਤ ਦੋਸ਼ੀ ਨੂੰ ਰਿਮਾਂਡ 'ਤੇ ਲੈ ਕੇ ਹੋਰ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਾਕੀ ਦੋਸ਼ੀਆਂ ਨੂੰ ਵੀ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।