ਅੰਮ੍ਰਿਤਸਰ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੀ.ਸੀ.ਕੰਪਲੈਕਸ ਵਿਖੇ ਮੀਡੀਆ ਨਾਲ ਪ੍ਰੈੱਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਪਿਛਲੀ ਸਰਕਾਰ ਵਿੱਚ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਉਤੇ 28 ਕਰੋੜ ਰੁਪਏ ਘੋਟਾਲੇ ਦੇ ਇਲਜ਼ਾਮ ਲੱਗੇ ਹਨ। ਪੰਚਾਇਤਰ ਮੰਤਰੀ ਨੇ ਦੱਸਿਆ ਕਿ ਸਰਕਾਰੀ ਜ਼ਮੀਨ ਨੂੰ ਨਿਯਮਾਂ ਦੇ ਉਲਟ ਜਾ ਕੇ ਵੇਚਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਦੋਂ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਇਸ ਜ਼ਮੀਨ ਦੀ ਫਾਈਲ 'ਤੇ ਸਾਬਕਾ ਕਾਂਗਰਸੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਦਸਤਖਤ ਹਨ। ਇਹ ਦਸਤਖਤ 11 ਮਾਰਚ ਨੂੰ ਹੋਈਆਂ ਚੋਣਾਂ ਤੋਂ ਬਾਅਦ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਜਦੋਂ 10 ਮਾਰਚ ਨੂੰ ਕਾਂਗਰਸ ਪਾਰਟੀ ਨੂੰ ਨਮੋਸ਼ੀਜਨਕ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਸ ਦੇ ਦਸਤਖਤ ਤੋਂ ਬਾਅਦ ਵੇਚੀ ਜ਼ਮੀਨ ਤੋਂ ਪੰਜਾਬ ਸਰਕਾਰ ਨੂੰ 28 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਜ਼ਮੀਨ ਦੀ ਖਰੀਦੋ-ਫਰੋਖਤ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਹੈ ਜਿਸਦੀ ਜਾਂਚ ਆਈਐਸ ਅਧਿਕਾਰੀ ਅਮਿਤ ਕੁਮਾਰ ਕਰਨਗੇ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ 10 ਮਾਰਚ ਨੂੰ ਚੋਣ ਨਤੀਜੇ ਆਏ ਅਤੇ ਪੂਰੇ ਪੰਜਾਬ ਵਿੱਚ ਕਾਂਗਰਸ ਪਾਰਟੀ ਬੁਰੀ ਤਰ੍ਹਾਂ ਹਾਰ ਗਈ।
ਅਗਲੇ ਦਿਨ 11 ਮਾਰਚ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਤਰੀ ਮੰਡਲ ਸਮੇਤ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਪਰ ਉਹੀ ਸਾਬਕਾ ਕਾਂਗਰਸੀ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕਾਨੂੰਨ ਦੀ ਉਲੰਘਣਾ ਕਰਕੇ 11 ਮਾਰਚ ਨੂੰ ਜ਼ਮੀਨ ਵੇਚਣ ਦੇ ਹੁਕਮਾਂ 'ਤੇ ਦਸਤਖਤ ਕੀਤੇ ਸਨ। 15 ਮਾਰਚ ਨੂੰ ਆਰਡਰ ਆਏ ਅਤੇ ਉਸ ਤੋਂ ਬਾਅਦ ਜ਼ਮੀਨ ਦੀ ਰਜਿਸਟਰੀ ਹੋਈ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਕੈਬਨਿਟ ਨੇ 19 ਮਾਰਚ ਨੂੰ ਸਹੁੰ ਚੁੱਕੀ ਸੀ। ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਇਹ ਘੁਟਾਲਾ ਇੱਥੇ ਵੀ ਨਹੀਂ ਰੁਕਿਆ। 41 ਏਕੜ ਜ਼ਮੀਨ ਦੀ ਤਜਵੀਜ਼ 2015 ਵਿੱਚ ਰੱਖੀ ਗਈ ਸੀ ਪਰ ਜਦੋਂ ਮਾਰਚ 2022 ਨੂੰ ਇਸ ਜ਼ਮੀਨ ਦੀ ਰਜਿਸਟਰੀ ਹੋਈ ਤਾਂ ਇਸ ਵਿੱਚ ਸਿਰਫ਼ 38 ਏਕੜ ਜ਼ਮੀਨ ਸੀ।
ਉਨ੍ਹਾਂ ਦੱਸਿਆ ਕਿ ਇਸ ਪੂਰੇ ਘਪਲੇ ਵਿੱਚ ਪੰਜਾਬ ਸਰਕਾਰ ਨੂੰ 28 ਕਰੋੜ ਰੁਪਏ ਦਾ ਘਾਟਾ ਹੋਇਆ ਹੈ, ਜਿਸ ਨੂੰ ਸਾਡੀ ਸਰਕਾਰ ਬੇਨਕਾਬ ਕਰੇਗੀ। ਉਨ੍ਹਾਂ ਇਸ ਘਪਲੇ ਦੀ ਜਾਂਚ ਸ਼ੁਰੂ ਕਰਨ ਦੇ ਹੁਕਮ ਦੇ ਦਿੱਤੇ ਹਨ ਅਤੇ ਜਲਦੀ ਹੀ ਨਤੀਜੇ ਸਾਹਮਣੇ ਆਏ ਤਾਂ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕੋਈ ਵੀ ਵੱਡਾ ਜਾਂ ਛੋਟਾ ਨੇਤਾ ਕਿਉਂ ਨਾ ਹੋਵੇ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ: ਹੁਣ ਫਰਜ਼ੀ ਡਿਗਰੀਆਂ ’ਤੇ ਨੌਕਰੀਆਂ ਕਰਨ ਵਾਲਿਆਂ ਦੀ ਖੈਰ ਨਹੀਂ !