ਅੰਮ੍ਰਿਤਸਰ: ਝੂਠੇ ਪੁਲਿਸ ਮੁਕਾਬਲਿਆਂ ਲਈ ਬਣਾਈ "ਸਿੱਟ" ਅਤੇ ਬਰਗਾੜੀ ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਾਲੇ ਮਾਮਲੇ ਦਾ ਸਾਹਮਣੇ ਕਰਨ ਵਾਲੇ ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਲਈ ਰਸਦ ਦਿੱਤੀ ਗਈ।
ਰਸਦ ਦੇਣ ਆਏ ਉਮਰਾਨੰਗਲ ਨੂੰ ਲੰਗਰ ਹਾਲ ਦੇ ਪ੍ਰਬੰਧਕ ਮੇਨੈਜਰ ਮਨਜਿੰਦਰ ਸਿੰਘ ਮੰਡ, ਮੀਤ ਮੇਨੈਜਰ ਗੁਰਾ ਸਿੰਘ ਅਤੇ ਸ੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਨੇ ਸਿਰੋਪਾਉ ਦੇ ਕੇ ਸਨਮਾਨਤ ਵੀ ਕੀਤਾ।
ਅੱਤਵਾਦ ਦੇ ਕਾਲੇ ਦੌਰ ਤੋਂ ਲੈ ਕੇ ਬਰਗਾੜੀ ਵਿੱਚ ਹੋਏ ਗੋਲੀਕਾਂਡ ਤੱਕ ਉਮਰਾਨੰਗਲ ਦਾ ਪੁਲਿਸ ਵਿੱਚ ਰਹਿਣ ਦਾ ਪੇਸ਼ੇਵਰ ਸਫ਼ਰ ਵਿਵਾਦਾਂ ਵਿੱਚ ਘਿਰਿਆ ਰਿਹਾ ਹੈ। ਹੁਣ ਉਨ੍ਹਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤੇ ਜਾਣ ਮਗਰੋਂ ਸਿੱਖ ਸੰਸਥਾਵਾਂ ਵੱਲੋਂ ਇਸ ਦਾ ਵਿਰੋਧ ਜਤਾਇਆ ਜਾ ਰਿਹਾ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੁੱਪੀ ਧਾਰੀ ਬੈਠੀ ਹੈ।
ਈਟੀਵੀ ਭਾਰਤ ਵੱਲੋਂ ਇਸ ਮਸਲੇ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਪੱਖ ਜਾਣਨ ਲਈ ਪਹੁੰਚ ਕੀਤੀ ਗਈ ਤਾਂ ਉਨ੍ਹਾਂ ਨੇ ਆਪਣਾ ਪੱਖ ਰੱਖਣ ਤੋਂ ਇਨਕਾਰ ਕਰ ਦਿੱਤਾ।
ਕੀ ਸੀ ਮਾਮਲਾ ?
ਬਰਗਾੜੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਹਿਬਲ ਕਲਾਂ ਤੇ ਕੋਟਕਪੂਰਾ ਵਿੱਚ ਪੁਲਿਸ ਫਾਇਰਿੰਗ ਦੀ ਜਾਂਚ ਕਰ ਰਹੀ ਸਪੈਸ਼ਲ ਜਾਂਚ ਟੀਮ (ਐੱਸਆਈਟੀ) ਨੇ ਬਠਿੰਡਾ ਜ਼ੋਨ ਦੇ ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਹਲਾਂਕਿ ਬਾਅਦ ਵਿੱਚ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ।
ਇਸ ਤੋਂ ਇਲਾਵਾ ਐੱਸਆਈਟੀ ਵੱਲੋਂ ਪਹਿਲਾਂ ਵੀ ਪਰਮਰਾਜ ਸਿੰਘ ਉਮਰਾਨੰਗਲ ਸਮੇਤ ਏਡੀਜੀਪੀ ਜਤਿੰਦਰ ਜੈਨ, ਆਈਜੀ ਅਮਰ ਸਿੰਘ ਚਾਹਲ, ਐਸ ਪੀ ਪਰਮਜੀਤ ਸਿੰਘ ਪੰਨੂੰ ਅਤੇ ਐਸਡੀਐਮ ਹਰਜੀਤ ਸੰਧੂ ਨੂੰ ਸੰਮਨ ਜਾਰੀ ਕਰਕੇ ਪੁਛਗਿੱਛ ਕਰ ਚੁੱਕੀ ਸੀ।
14 ਅਕਤੂਬਰ, 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰੀ ਸੰਗਤ ਵਿੱਚੋਂ ਦੋ ਨੌਜਵਾਨ ਪੁਲਿਸ ਫਾਇਰਿੰਗ ਵਿੱਚ ਮਾਰੇ ਗਏ ਸਨ। ਸਿੱਖ ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਬਹਿਬਲ ਕਲਾਂ ਅਤੇ ਬਰਗਾੜੀ ਵਿੱਚ ਧਰਨਾ ਦੇ ਰਹੀ ਸੀ।
ਪਰਮਰਾਜ ਸਿੰਘ ਉਮਰਾਨੰਗਲ ਤੇ ਸਾਬਕਾ ਐਸਐਸਪੀ ਚਰਨਜੀਤ ਸਿੰਘ ਵਰਗੇ ਕਈ ਪੁਲਿਸ ਅਧਿਕਾਰੀ ਤੇ ਮੁਲਾਜ਼ਮ ਉਸ ਦਿਨ ਡਿਊਟੀ 'ਤੇ ਤਾਇਨਾਤ ਸਨ ਅਤੇ ਇਨ੍ਹਾਂ 'ਤੇ ਕਥਿਤ ਤੌਰ 'ਤੇ ਇਲਜ਼ਾਮ ਹੈ ਕਿ ਇਨ੍ਹਾਂ ਨੇ ਸੰਗਤ ਨੂੰ ਖਦੇੜਨ ਲਈ ਗੋਲੀਬਾਰੀ ਕੀਤੀ। ਗੋਲੀਕਾਂਡ ਮਾਮਲੇ ਵਿੱਚ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਪਿਛਲੇ ਸਾਲ ਐਸਆਈਟੀ ਨੇ ਜਾਂਚ ਦੌਰਾਨ ਗ੍ਰਿਫ਼ਤਾਰ ਕੀਤਾ ਸੀ।