ਮਹਿਤਾ ਚੌਕ/ਅੰਮ੍ਰਿਤਸਰ: ਪ੍ਰੋ: ਸਰਚਾਂਦ ਸਿੰਘ ਵੱਲੋਂ ਜਾਰੀ ਬਿਆਨ ’ਚ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਹੋਲਾ ਮਹੱਲਾ ਸਿੱਖ ਕੌਮ ਲਈ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਣ ਵਾਲਾ ਇਕ ਅਹਿਮ ਦਿਹਾੜਾ ਹੈ। ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ ਵੀ ਹਰ ਸਾਲ ਇਹ ਸਮਾਗਮ ਧੂਮ ਧਾਮ ਮਨਾਉਂਦੀਆਂ ਹਨ,ਇਸ ਵਾਰ ਮਹਾਰਾਸ਼ਟਰ ਪੁਲੀਸ ਪ੍ਰਸ਼ਾਸਨ ਵੱਲੋਂ ਸਮਾਗਮ ਲਈ ਪ੍ਰਵਾਨਗੀ ਨਾ ਦੇਣ ’ਤੇ ਸਿੱਖ ਸੰਗਤਾਂ ਦੇ ਮਨਾਂ ‘ਚ ਉੱਠੇ ਰੋਸ ਕਾਰਨ ਨਾਂਦੇੜ ਵਿਖੇ ਉਕਤ ਮੰਦਭਾਗੀ ਘਟਨਾ ਵਾਪਰੀ ਹੈ।
ਉਨ੍ਹਾਂ ਦੇਸ਼ ‘ਚ ਘੱਟ ਗਿਣਤੀ ਕੌਮਾਂ ਦੇ ਤਿਉਹਾਰਾਂ ਮੌਕੇ ਸਰਕਾਰਾਂ ਵੱਲੋਂ ਕੀਤੀ ਜਾ ਰਹੀ ਵਿਤਕਰੇਬਾਜ਼ੀ ’ਤੇ ਚਿੰਤਾ ਜ਼ਾਹਿਰ ਕੀਤੀ ਅਤੇ ਕਿਹਾ ਕਿ ਨਾਂਦੇੜ ਦੇ ਵਰਤਾਰੇ ਨੇ ਦੇਸ਼ ਲਈ ਕਈ ਮਹਾਨ ਕੁਰਬਾਨੀਆਂ ਕਰਨ ਵਾਲੀ ਸਿਖਾ ਕੌਮ ਨੂੰ ਇਕ ਵਾਰ ਫਿਰ ਬੇਗਾਨਗੀ ਦਾ ਅਹਿਸਾਸ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਹਜ਼ੂਰ ਸਾਹਿਬ ਦੇ ਸਿੱਖਾਂ ਨਾਲ ਚੱਟਾਨ ਵਾਂਗ ਖੜ੍ਹੇ ਹਨ।
ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਨੂੰ ਉਕਤ ਮਾਮਲੇ ਵਿਚ ਦਖ਼ਲ ਦੇਣ ਦੀ ਅਪੀਲ ਕੀਤੀ ਅਤੇ ਮਹਾਰਾਸ਼ਟਰ ਸਰਕਾਰ ਨੂੰ ਸਿੱਖ ਸ਼ਰਧਾਲੂਆਂ ‘ਤੇ ਹੋਏ ਪਰਚੇ ਤੁਰੰਤ ਰੱਦ ਕਰਦਿਆਂ ਉਨ੍ਹਾਂ ਨੂੰ ਰਿਹਾਅ ਕਰਨ ਲਈ ਕਿਹਾ।