ਅੰਮ੍ਰਿਤਸਰ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮਨ ਕੀ ਬਾਤ 'ਚ ਜਨਤਾ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਪ੍ਰਤੀ ਦਿੱਤੇ ਬਿਆਨ ਨੂੰ ਲੈਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਵਲੋਂ ਪ੍ਰਤੀਕ੍ਰਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਕਿਸਾਨੀ ਮੁੱਦਿਆਂ 'ਤੇ ਗਲਤ ਬਿਆਨਬਾਜੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨ ਆਗੂ ਪੰਧੇਰ ਦਾ ਕਹਿਣਾ ਕਿ ਪ੍ਰਧਾਨ ਮੰਤਰੀ ਵਲੋਂ ਆਧੁਨਿਕ ਖੇਤੀ ਦਾ ਹਵਾਲਾ ਦਿੰਦਿਆਂ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਜੋ ਗੱਲ ਕੀਤੀ ਗਈ ਉਹ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਅਜਿਹੇ ਕਾਨੂੰਨ ਲੈਕੇ ਆਉਂਦੇ ਗਏ ਹਨ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਿਥੇ ਕੀਟਨਾਸ਼ਕ, ਬੀਜ਼ ਅਤੇ ਖੇਤੀ ਮਸ਼ੀਨਰੀ ਦੇ ਭਾਅ ਦਿਨ ਪਰ ਦਿਨ ਵੱਧ ਰਹੇ ਹਨ, ਉਥੇ ਹੀ ਦੂਜੇ ਪਾਸੇ ਸਰਕਾਰ ਪਰੰਪਰਾਗਤ ਬੀਜ਼ਾਂ ਦੀ ਥਾਂ ਕਾਰਪੋਰੇਟ ਘਰਾਣਿਆਂ ਦੇ ਬੀਜ਼ ਨੂੰ ਪ੍ਰਮੋਟ ਕਰਕੇ ਕਿਵੇਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਕਰ ਰਹੀ ਹੈ। ਪੰਧੇਰ ਦਾ ਕਹਿਣਾ ਕਿ ਇੱਕ ਪਾਸੇ ਕੇਂਦਰ ਸਰਕਾਰ ਕਿਸਾਨਾਂ ਨੂੰ ਅੰਨਦਾਤਾ ਕਹਿ ਕੇ ਸੰਬੋਧਨ ਕਰਦੀ ਹੈ ਤਾਂ ਦੂਜੇ ਪਾਸੇ ਕਿਸਾਨੀ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਢਾਹ ਲਾਉਣ ਲਈ ਅਨੇਕਾਂ ਯਤਨ ਕਰ ਰਹੀ ਹੈ।
ਸਰਵਣ ਸਿੰਘ ਪੰਧੇਰ ਦਾ ਕਹਿਣਾ ਕਿ 18 ਅਪ੍ਰੈਲ ਨੂੰ ਅੰਮ੍ਰਿਤਸਰ ਦੀ ਭਗਤਾ ਵਾਲਾ ਦਾਣਾ ਮੰਡੀ 'ਚ ਵਿਸ਼ਾਲ ਮਹਾ ਸੰਮੇਲਨ ਕਰਨ ਜਾ ਰਹੇ ਹਨ, ਜਿਸ ਸਬੰਧੀ 31 ਮਾਰਚ ਨੂੰ ਆੜ੍ਹਤੀਆਂ, ਕਿਸਾਨਾਂ ਅਤੇ ਨੌਜਵਾਨਾਂ ਨਾਲ ਮੀਟਿੰਗ ਕਰਕੇ ਰਣਨੀਤੀ ਤਿਆਰ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਪੰਜਾਬ 'ਚ ਵਿਧਾਇਕ ਦੀ ਕੁੱਟਮਾਰ, ਹਰਿਆਣਾ ਭਾਜਪਾ ਮਨਾਏਗੀ ਰੋਸ ਦਿਵਸ