ਅੰਮ੍ਰਿਤਸਰ: ਭਾਰਤ-ਪਾਕਿਸਤਾਨ ਬਾਰਡਰ ਦੇ ਇਲਾਕੇ ਵਿੱਚ ਆਏ ਦਿਨ ਫੌਜ ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਮੁਸਤੈਦੀ ਵਰਤਦਿਆਂ ਨਸ਼ੇ ਦੀਆਂ ਖੇਪਾਂ ਅਤੇ ਕਥਿਤ ਦੋਸ਼ੀਆਂ ਨੂੰ ਕਾਬੂ ਕੀਤੇ ਜਾਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਸੂਬੇ ਚ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ੇ ਅਤੇ ਨਸ਼ਾ ਤਸਕਰਾਂ ਖਿਲਾਫ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸ ਸਬੰਧ ’ਚ ਉਨ੍ਹਾਂ ਵੱਲੋਂ ਲਗਾਤਾਰ ਕਈ ਨਸ਼ਾ ਤਸਕਰਾਂ ਨੂੰ ਨਸ਼ੇ ਦੇ ਨਾਲ ਕਾਬੂ ਕੀਤਾ ਜਾ ਰਿਹਾ ਹੈ।
ਇੱਕ ਵਿਅਕਤੀ ਹੈਰੋਇਨ ਸਮੇਤ ਕਾਬੂ
ਇਸੇ ਮੁਹਿੰਮ ਤਹਿਤ ਡੀਐੱਸਪੀ ਅਟਾਰੀ ਗੁਰਪ੍ਰਤਾਪ ਸਿੰਘ ਅਤੇ ਥਾਣਾ ਘਰਿੰਡਾ ਦੇ ਐੱਸਐੱਚਓ ਸਬ ਇੰਸਪੈਕਟਰ ਨਰਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਸਣੇ ਇੱਕ ਕਥਿਤ ਦੋਸ਼ੀ ਨੂੰ ਕਾਬੂ ਕਰਨ ਚ ਵੱਡੀ ਸਫਲਤਾ ਹਾਸਿਲ ਕੀਤੀ ਹੈ।
ਸ਼ੱਕੀ ਵਿਅਕਤੀ ਦੀ ਕੀਤੀ ਗਈ ਸੀ ਤਲਾਸ਼ੀ
ਮਿਲੀ ਜਾਣਕਾਰੀ ਮੁਤਾਬਕ ਏਐੱਸਆਈ ਰਾਜਬੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਚੀਚੇ ਮੌਜੂਦ ਸੀ ਇਸ ਦੌਰਾਨ ਉਨ੍ਹਾਂ ਨੂੰ ਇਕ ਵਿਅਕਤੀ ਤੇ ਸ਼ੱਕ ਹੋਇਆ ਸ਼ੱਕ ਦੇ ਆਧਾਰ ਤੇ ਜਦੋਂ ਪੁਲਿਸ ਨੇ ਵਿਅਕਤੀ ਨੂੰ ਰੋਕ ਕੇ ਉਸਦੀ ਤਲਾਸ਼ੀ ਕੀਤੀ ਤਾਂ ਉਸ ਕਥਿਤ ਦੋਸ਼ੀ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਫਿਲਹਾਲ ਪੁਲਿਸ ਨੇ ਕਥਿਤ ਦੋਸ਼ੀ ਦੇ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮੁਕਦਮਾ ਨੰਬਰ 34 ਦਰਜ ਕੀਤਾ ਗਿਆ ਹੈ।
ਇਹ ਵੀ ਪੜੋ: ਪੰਜਾਬ ਸਰਕਾਰ ਵਲੋਂ ਮੁੜ ਬਦਲੀ ਬਜਟ ਦੀ ਤਰੀਕ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ
ਕਥਿਤ ਦੋਸ਼ੀ ਤੋਂ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਪੁੱਛਗਿੱਛ
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲਾ ਦਰਜ ਕਰ ਲੈਣ ਤੋਂ ਬਾਅਦ ਕਥਿਤ ਦੋਸ਼ੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਨਾਲ ਹੀ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਸ ਕੰਮ ਚ ਉਸ ਨਾਲ ਹੋਰ ਕੌਣ-ਕੌਣ ਹਨ। ਤਾਂ ਕਿ ਇਸ ਨਸ਼ਾ ਤਸਕਰੀ ਦੀ ਚੇਨ ਨੂੰ ਤੋੜਿਆ ਜਾ ਸਕੇ।