ਅੰਮ੍ਰਿਤਸਰ: ਅੱਜ ਵਿਸਾਖੀ ਦੇ ਮੌਕੇ ਉੱਤੇ ਅਮ੍ਰਿਤਸਰ ਸ਼ਹਿਰ ਨੂੰ ਪੂਰੀ ਤਰ੍ਹਾਂ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਜਗ੍ਹਾ-ਜਗ੍ਹਾ ਉੱਤੇ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਚੱਪੇ ਚੱਪੇ ਉੱਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਪੁਲਿਸ ਦੇ ਆਲਾ ਅਧਿਕਾਰੀ ਨਾਕਿਆਂ ਉੱਤੇ ਖੜ੍ਹੇ ਹੋਏ ਹਨ। ਸ਼ਹਿਰ ਵਿੱਚ ਹਰ ਆਉਣ-ਜਾਣ ਵਾਲੇ ਵਾਹਨਾਂ ਨੂੰ ਪੂਰੀ ਤਰ੍ਹਾਂ ਚੈਕ ਕੀਤਾ ਜਾ ਰਿਹਾ ਹੈ। ਉੱਤਰੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਸੁਰੱਖਿਆ ਬਲਾਂ ਉੱਤੇ ਨਿਗਰਾਨੀ ਰੱਖੇ ਹੋਏ ਹਨ।
ਅੰਮ੍ਰਿਤਪਾਲ ਦੇ ਸਰੰਡਰ ਬਾਰੇ ਨਹੀਂ ਪੁਖਤਾ ਜਾਣਕਾਰੀ: ਇਸ ਮੌਕੇ ਪੁਲਿਸ ਕਮਿਸ਼ਨਰ ਨੇ ਨੌਨਿਹਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਵਿਸਾਖੀ ਦੇ ਮੌਕੇ ਉੱਤੇ ਮੈਂ ਸਭ ਨੂੰ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਸਭ ਨੂੰ ਦੱਸਣਾ ਚਾਹੁੰਦਾ ਹਾਂ ਕਿ ਪੁਲਿਸ ਵੱਲੋਂ ਇਸ ਇਲਾਕੇ ਵਿੱਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਉੱਤੇ ਅੰਮ੍ਰਿਤਸਰ ਮੱਥਾ ਟੇਕਣ ਆਉਣ ਵਾਲੀ ਸੰਗਤ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗਾ। ਪੁਲਿਸ ਕਮਿਸ਼ਨਰ ਨੇ ਅੰਮ੍ਰਿਤਪਾਲ ਸਿੰਘ ਉੱਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਕੋਈ ਪੁਖਤਾ ਜਾਣਕਾਰੀ ਨਹੀਂ ਹੈ ਕੀ ਅੰਮ੍ਰਿਤਪਾਲ ਸਿੰਘ ਅਕਾਲ ਤਖਤ ਸਾਹਿਬ ਉੱਤੇ ਆਪਣੀ ਗ੍ਰਿਫ਼ਤਾਰੀ ਦੇਣ ਲਈ ਆਵੇਗਾ। ਉਨ੍ਹਾਂ ਕਿਹਾ ਕਿ ਇਸ ਬਾਰੇ ਪੰਜਾਬ ਦੇ ਡੀਜੀਪੀ ਵੀ ਕਹਿ ਚੁੱਕੇ ਹਨ ਕਿ ਜੋ ਕਾਨੂੰਨ ਨੂੰ ਵਾਂਟੇਡ ਹੈ ਉਸ ਉੱਤੇ ਕਾਰਵਾਈ ਹੋਣੀ ਚਾਹੀਦੀ ਹੈ ਚਾਹੇ ਉਹ ਕੋਈ ਵੀ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਆਪਣੇ-ਆਪ ਨੂੰ ਸਰੈਂਡਰ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਸਰੈਂਡਰ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦਾ ਜੋ ਜ਼ਾਬਤਾ ਹੈ ਉਸ ਮੁਤਾਬਿਕ ਅੰਮ੍ਰਿਤਪਾਲ ਸਿੰਘ ਉੱਤੇ ਕਾਰਵਾਈ ਕੀਤੀ ਜਾਵੇਗੀ।
ਰੇਲਵੇ ਪੁਲਿਸ ਵੀ ਚੌਕਸ: ਇਸ ਤੋਂ ਇਲਾਵਾ ਵਿਸਾਖੀ ਦੇ ਤਿਉਹਾਰ ਦੇ ਮੱਦੇਨਜ਼ਰ ਪਠਾਨਕੋਟ ਵਿੱਚ ਵੀ ਪੁਲਿਸ ਵੱਲੋਂ ਪੰਜਾਬ ਵਿੱਚ ਆਉਣ ਤੋਂ ਬਾਹਰ ਜਾਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਕਸ਼ਮੀਰ ਤੋਂ ਆਉਣ ਵਾਲੀਆਂ ਰੇਲ ਗੱਡੀਆਂ ਨੂੰ ਵੀ ਰੋਕ ਕੇ ਯਾਤਰੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਇਨ੍ਹਾਂ ਰੂਟਾਂ ਦੀ ਵਰਤੋਂ ਕਰ ਕੇ ਪੰਜਾਬ ਵਿੱਚ ਦਾਖਲ ਹੋ ਕੇ ਕੋਈ ਵਾਰਦਾਤ ਨਾ ਕਰ ਸਕੇ। ਡੀਐੱਸਪੀ ਰੇਲਵੇ ਨੇ ਦੱਸਿਆ ਕਿ ਵਿਸਾਖੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੁਲਿਸ ਨੇ ਆਪਣੀ ਚੌਕਸੀ ਵਧਾ ਦਿੱਤੀ ਹੈ, ਜਿਸ ਦੇ ਮੱਦੇਨਜ਼ਰ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯਾਤਰੀਆਂ ਦੇ ਸਮਾਨ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਪੁਲਿਸ ਵੱਲੋਂ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਨੂੰ ਕਿਸੇ ਵੀ ਵਿਅਕਤੀ ਜਾਂ ਵਸਤੂ ਉਤੇ ਸ਼ੱਕ ਪੈਂਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
ਇਹ ਵੀ ਪੜ੍ਹੋ: Mankirt Aulakh: ਮਨਕੀਰਤ ਔਲਖ ਦੀ ਬਾਈਕ ਸਵਾਰ ਨੌਜਵਾਨਾਂ ਨੇ ਕੀਤੀ ਰੇਕੀ, ਪੁਲਿਸ ਨੇ ਸ਼ੁਰੂ ਕੀਤੀ ਜਾਂਚ