ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਕਾਰਨ ਲੱਗੇ ਲੌਕਡਾਊਨ 'ਚ ਕੰਮਕਾਰ ਠੱਪ ਹੋਣ ਕਾਰਨ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਹੀ ਅੱਜ ਅੰਮ੍ਰਿਤਸਰ 'ਚ ਪ੍ਰਾਈਵੇਟ ਡਰਾਈਵਰ ਯੂਨੀਅਨ ਨੇ ਆਪਣੇ ਪਰਿਵਾਰ ਸਣੇ ਮਾਲਕਾਂ ਤੇ ਸਰਕਾਰ ਖਿਲਾਫ਼ ਸ਼ਾਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਤੇ ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖੀਆਂ।
ਪ੍ਰਾਈਵੇਟ ਡਰਾਈਵਰ ਯੂਨੀਅਨ ਦੇ ਪ੍ਰਧਾਨ ਨੇ ਦੱਸਿਆ ਕਿ ਸਰਕਾਰ ਨੇ ਲੌਕਡਾਊਨ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਲਗਾਇਆ ਹੈ ਜਿਸ ਦੀ ਉਨ੍ਹਾਂ ਵੱਲੋਂ ਪਾਲਣਾ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੌਕਡਾਊਨ ਹੋਣ ਕਾਰਨ ਉਨ੍ਹਾਂ ਨੂੰ ਉਨ੍ਹਾਂ ਦੇ ਮਾਲਕਾਂ ਨੇ ਕੰਮ ਤੋਂ ਕੱਢ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਯੂਨੀਅਨ ਨਾਲ 500 ਦੇ ਕਰੀਬ ਡਰਾਈਵਰ ਜੁੜੇ ਹੋਏ ਹਨ ਜਿਸ 'ਚੋਂ 450 ਡਰਾਈਵਾਰਾਂ ਨੂੰ ਬਿਨਾਂ ਤਨਖ਼ਾਹ ਤੋਂ ਉਨ੍ਹਾਂ ਦੇ ਮਾਲਕਾਂ ਨੇ ਕੱਢ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧ 'ਚ ਅੰਮ੍ਰਿਤਸਰ ਦੇ ਡੀਸੀ ਨੂੰ ਸੂਚਿਤ ਕੀਤਾ ਸੀ ਤੇ ਆਪਣਾ ਮੰਗ ਪੱਤਰ ਵੀ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧ 'ਚ ਡੀਸੀ ਵੱਲੋਂ ਕੋਈ ਕਾਰਵਾਈ ਨਾ ਹੋਣ ਕਾਰਨ ਉਨ੍ਹਾਂ ਨੂੰ ਇਹ ਰੋਸ ਪ੍ਰਦਰਸ਼ਨ ਕਰਨਾ ਪਿਆ।
ਇਹ ਵੀ ਪੜ੍ਹੋ:ਸਿੱਧੂ ਮੂਸੇਵਾਲਾ ਵਿਰੁੱਧ ਭੜਕੇ ਪੱਤਰਕਾਰ, ਪੁਲਿਸ ਨੂੰ ਬਾਈਕਾਟ ਕਰਨ ਦੀ ਦਿੱਤੀ ਚਿਤਾਵਨੀ
ਉਨ੍ਹਾਂ ਕਿਹਾ ਕਿ ਜੇਕਰ 1 ਮਹੀਨੇ ਵਿੱਚ ਸਰਕਾਰ ਨੇ ਉਨ੍ਹਾਂ ਦੀਆਂ ਗੱਲਾਂ ਨਹੀਂ ਮੰਨੀਆਂ ਤਾਂ ਉਹ ਹੋਰ 29 ਯੂਨੀਅਨ ਦੇ ਨਾਲ ਮਿਲ ਕੇ ਹੋਰ ਤਿੱਖਾ ਪ੍ਰਦਰਸ਼ਨ ਕਰਨਗੇ। ਉਨ੍ਹਾਂ ਨੇ ਆਪਣੀਆਂ ਮੰਗਾ ਬਾਰੇ ਦੱਸਿਆ ਕਿ ਜਿਹੜੇ ਮੁਲਾਜ਼ਮਾਂ ਨੂੰ ਕੱਢਿਆ ਗਿਆ ਹੈ ਉਨ੍ਹਾਂ ਨੂੰ ਆਮਦਨ ਦਿੱਤੀ ਜਾਵੇ। ਸਰਕਾਰ ਇਹ ਆਮਦਨ ਜਾਂ ਤਾਂ ਮਾਲਕਾਂ ਕੋਲੋਂ ਦਵਾਵੇ ਜਾਂ ਆਪਣੇ ਖਾਤੇ ਚੋਂ ਡਰਾਈਵਰਾਂ ਨੂੰ ਦੇਵੇ।