ਅੰਮ੍ਰਿਤਸਰ: ਗੁਰਦੁਆਰਿਆਂ ਦੇ ਅੰਦਰ ਪਾਵਨ ਸਰੂਪਾਂ ਦੀਆਂ ਲਗਾਤਾਰ ਹੋ ਰਹੀਆਂ ਬੇਅਦਬੀਆਂ ਨੂੰ ਲੈ ਕੇ ਮੰਗਲਵਾਰ ਨੂੰ ਸਿੱਖ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅੰਮ੍ਰਿਤਸਰ ਦੇ ਡੀਸੀ ਨੂੰ ਮੰਗ ਪੱਤਰ ਦਿੱਤਾ ਗਿਆ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖ ਜਥੇਬੰਦੀ ਦਮਦਮੀ ਟਕਸਾਲ ਦੇ ਮੈਂਬਰ ਭਾਈ ਅਮਰੀਕ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਧੜਾਧੜ ਪਾਵਨ ਸਰੂਪਾਂ ਦੀ ਛਪਾਈ ਕੀਤੀ ਜਾ ਰਹੀ ਹੈ। ਲੋਕ ਇਨ੍ਹਾਂ ਪਾਵਨ ਸਰੂਪਾਂ ਦੀ ਸਾਂਭ-ਸੰਭਾਲ ਨਹੀਂ ਕਰਦੇ। ਇਸ ਕਰਕੇ ਉਨ੍ਹਾਂ ਨੇ ਡੀਸੀ ਨੂੰ ਪੱਤਰ ਦੇ ਕੇ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਜੋ ਪਾਵਨ ਸਰੂਪਾਂ ਦੀ ਛਪਾਈ ਕੀਤੀ ਜਾਂਦੀ ਹੈ, ਉਸ 'ਤੇ ਪੱਕੇ ਤੌਰ 'ਤੇ ਪਾਬੰਦੀ ਲੱਗਣੀ ਚਾਹੀਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਬਿਰਧ ਪਾਵਨ ਸਰੂਪਾਂ ਨੂੰ ਅਗਨ ਭੇਂਟ ਕਰਨ ਦੀ ਥਾਂ ਉਨ੍ਹਾਂ ਸਰੂਪਾਂ ਦੇ ਸ਼ੁਰੂ ਵਾਲੇ ਤੇ ਭੋਗ ਵਾਲੇ ਅੰਗ ਬਦਲੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਸਰੂਪਾਂ ਦੇ ਅਗਨ ਭੇਂਟ 'ਤੇ ਵੀ ਪੱਕੀ ਰੋਕ ਲੱਗਣੀ ਚਾਹੀਦੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲੀਕੇਸ਼ਨ ਵਿਭਾਗ 'ਚੋਂ ਗੁੰਮ ਹੋਏ ਪਾਵਨ ਸਰੂਪਾਂ ਨੂੰ ਲੈ ਕੇ ਉਸ ਸਮੇਂ ਦੇ ਕਮੇਟੀ ਦੇ ਅਹੁਦੇਦਾਰਾਂ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ 450 ਪਾਵਨ ਸਰੂਪ ਕੈਨੇਡਾ ਭੇਜੇ ਸਨ, ਇਨ੍ਹਾਂ ਸਰੂਪਾਂ ਦੀ ਕੈਨੇਡਾ 'ਚ ਸਾਂਭ-ਸੰਭਾਲ ਨਾ ਹੋਣ ਕਾਰਨ ਬੇਅਦਬੀ ਹੋਈ ਹੈ। ਇਸ ਕਾਰਨ ਉਨ੍ਹਾਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।
ਉੱਥੇ ਹੀ ਉਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਸਮੇਤ ਬਾਦਲ ਪਰਿਵਾਰ 'ਤੇ ਕਾਰਵਾਈ ਨਾ ਕਾਰਨ ਨੂੰ ਲੈ ਕੇ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਦੀ ਜ਼ਿੰਮੇਵਾਰ ਮੌਕੇ ਦੀ ਸਰਕਾਰ ਅਤੇ ਪ੍ਰਸ਼ਾਸਨ ਹੋਵੇਗਾ।