ਅੰਮ੍ਰਿਤਸਰ: ਪੰਜਾਬ ਸਰਕਾਰ ਨੇ ਰਾਜ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਜਿਸ ਸਦਕਾ ਸਰਕਾਰ ਨੇ ਸੂਬੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਵਿਰੁੱਧ ਵਿੱਤੀ ਸਾਲ 2014-15, 2015-16 ਅਤੇ 2016-17 ਨਾਲ ਸਬੰਧਤ ਵੈਟ ਦੇ ਕੁੱਲ 48,000 ਕੇਸਾਂ ਵਿੱਚੋਂ 40,000 ਬਕਾਇਆ ਕੇਸਾਂ ਨੂੰ ਮੁੱਢੋਂ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ।
ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Deputy Chief Minister Om Prakash Soni) ਨੇ ਅੱਜ ਆਪਣੇ ਰਿਹਾਇਸ਼ ਵਿਖੇ ਪੰਜਾਬ ਦੇ ਵਪਾਰ ਮੰਡਲ (Commerce Chamber of Punjab) ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਉਦਯੋਗਾਂ ਪ੍ਰਤੀ ਸੰਵੇਦਨਸ਼ੀਲ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਦੇ ਵਿਕਾਸ ਵਿੱਚ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਦਾ ਵੱਡਾ ਯੋਗਦਾਨ ਹੈ ਅਤੇ ਇਹ ਪੰਜਾਬ ਦੇ ਵਿਕਾਸ ਵਿੱਚ ਰੀੜ੍ਹ ਦੇ ਹੱਡੀ ਹਨ।
ਉਨ੍ਹਾਂ ਨੇ ਕਿਹਾ ਕਿ ਸਬੰਧਤ ਵਪਾਰੀਆਂ/ਉਦਯੋਗਪਤੀਆਂ ਨੂੰ ਕੁੱਲ ਬਕਾਇਆ ਟੈਕਸ ਦੇਣਦਾਰੀ ਦਾ ਸਿਰਫ 30 ਫੀਸਦੀ ਜਮ੍ਹਾਂ ਕਰਵਾਉਣ ਲਈ ਕਹਿ ਕੇ 8000 ਬਕਾਇਆ ਕੇਸਾਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਇਆ ਜਾਵੇਗਾ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਇਸ ਪੱਖ ’ਤੇ ਹੋਣ ਵਾਲੀਆਂ ਬਹੁਤ ਸਾਰੀਆਂ ਅਸੁਵਿਧਾਵਾਂ ਤੋਂ ਬਚਾਇਆ ਜਾਵੇਗਾ।
ਉਪ ਮੁੱਖ ਮੰਤਰੀ ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰ ਵੱਲੋਂ ਹੋਰ ਰਾਹਤ ਦਿੰਦਿਆਂ ਉਹਨਾਂ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ ਉਪਰੋਕਤ ਟੈਕਸ ਦੇਣਦਾਰੀ ਦਾ ਸਿਰਫ 20 ਫੀਸਦ ਜਮ੍ਹਾਂ ਕਰਵਾਉਣਾ ਹੋਵੇਗਾ ਅਤੇ ਬਾਕੀ 80 ਫੀਸਦ ਅਗਲੇ ਸਾਲ ਤੱਕ ਜਮ੍ਹਾਂ ਕਰਵਾਉਣਾ ਹੋਵੇਗਾ।
ਉਨ੍ਹਾਂ ਕਿਹਾ ਕਿ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਜਲਦ ਹੀ ਜ਼ਿਲ੍ਹੇ ਵਿੱਚ ਪ੍ਰਦਰਸ਼ਨੀ ਕੇਂਦਰ ਸਥਾਪਿਤ ਕੀਤਾ ਜਾਵੇਗਾ, ਤਾਂ ਜੋ ਦੇਸ਼ ਵਿਦੇਸ਼ਾਂ ਤੋਂ ਉਦਯੋਗਪਤੀ ਆ ਕੇ ਆਪਣੇ ਸਮਾਨ ਦੀ ਪ੍ਰਦਰਸ਼ਨੀ ਲਗਾ ਸਕਣ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਹੱਦੀ ਜਿਲ੍ਹੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਪੱਟੀ-ਮੱਖੂ ਰੇਲ ਲਿੰਕ ਲਈ ਲੋੜੀਂਦੀ ਜਮੀਨ ਐਕੁਆਇਰ ਕਰੇਗੀ ਅਤੇ ਆਉਣ ਵਾਲੇ ਬਜਟ ਤੋਂ ਪਹਿਲਾਂ ਭਾਰਤ ਸਰਕਾਰ ਦੇ ਰੇਲਵੇ ਮੰਤਰਾਲੇ ਨੂੰ ਸੌਂਪੇਗੀ।
ਉਨ੍ਹਾਂ ਕਿਹਾ ਕਿ ਦਰਮਿਆਨੇ ਉਦਯੋਗਾਂ ਲਈ ਬਿਜਲੀ ਕੁਨੈਕਸਨਾਂ ‘ਤੇ ਫਿਕਸਡ ਚਾਰਜਿਜ ਨੂੰ ਘਟਾ ਕੇ 50 ਫੀਸਦੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਦਯੋਗਿਕ ਫੋਕਲ ਪੁਆਇੰਟਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 150 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਉਨਾਂ ਕਿਹਾ ਕਿ ਉਦਯੋਗਪਤੀਆਂ ਦੀਆਂ 90 ਫੀਸਦ ਤੋਂ ਜਿਆਦਾ ਮੰਗਾਂ ਨੂੰ ਮੰਨ ਲਿਆ ਗਿਆ ਹੈ ਅਤੇ ਚੋਣਾਂ ਤੋਂ ਪਹਿਲਾਂ ਪਹਿਲਾਂ ਬਾਕੀ ਰਹਿੰਦੀਆਂ ਮੰਗਾਂ ਵੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ।
ਇਸ ਮੌਕੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਨੇ ਕਿਹਾ ਕਿ ਉਹ ਉਪ ਮੁੱਖ ਮੰਤਰੀ ਓਪੀ ਸੋਨੀ ਦੇ ਬਹੁਤ ਧੰਨਵਾਦੀ ਹਨ, ਜਿਨਾਂ ਦੇ ਸਦਕਾਂ ਪਿੱਛਲੇ ਕਈ ਸਾਲਾਂ ਤੋਂ ਉਦਯੋਗਪਤੀਆਂ ਦੀਆਂ ਪੈਂਡਿੰਗ ਪਏ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਗਿਆ ਹੈ।
ਉਨਾਂ ਕਿਹਾ ਕਿ ਸਾਡੀਆਂ 90 ਫੀਸਦੀ ਤੋਂ ਜਿਆਦਾ ਮੰਗਾਂ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਹਮੇਸ਼ਾਂ ਹੀ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਦੀ ਬਾਂਹ ਫੜ੍ਹੀ ਹੈ ਅਤੇ ਇਨਾਂ ਦੇੇ ਸਦਕਾ ਹੀ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਪੂਰਾ ਕੀਤਾ ਹੈ।
ਇਹ ਵੀ ਪੜ੍ਹੋ: CM ਚੰਨੀ ਵੱਲੋਂ ਦੁਨੀਆ ਦੇ ਨਾਮੀਂ ਉਦਯੋਗਪਤੀਆਂ ਨੂੰ ਪੰਜਾਬ ‘ਚ ਨਿਵੇਸ਼ ਕਰਨ ਲਈ ਕਹੀਆਂ ਇਹ ਵੱਡੀਆਂ ਗੱਲਾਂ