ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਨਵੇਂ ਬਣੇ ਅਕਾਲੀ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਨਾਲ ਸੀਨੀਅਰ ਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਵੀ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਰੀਆਂ ਹੀ ਪੰਥਕ ਧਿਰਾਂ ਵੱਲੋਂ ਦਸੰਬਰ 2019 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਉਂਦੇ ਹੋਏ ਸਮਾਗਮ ਕੀਤਾ ਗਿਆ ਸੀ।
ਸਾਰੀਆਂ ਹੀ ਪੰਥਕ ਧਿਰਾਂ ਵੱਲੋਂ ਦਿੱਲੀ, ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਇਲਾਕੇ ਵਿੱਚ ਪੰਥਕ ਪ੍ਰੋਗਰਾਮ ਕੀਤੇ ਗਏ ਅਤੇ ਸਾਰੀ ਲੀਡਰਸ਼ਿਪ ਨੂੰ ਇਕੱਠਾ ਕੀਤਾ ਗਿਆ ਤਾਂ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਰਿਵਾਰ ਦਾ ਕਬਜ਼ਾ ਹਟਾਇਆ ਜਾ ਸਕੇ।
ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਉਨ੍ਹਾਂ ਦੀ ਲੀਡਰਸ਼ਿਪ ਚੱਲ ਪਈ ਸੀ ਪਰ ਲੋਕਾਂ ਨੂੰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਪ੍ਰਵਾਨ ਨਹੀਂ ਤੇ ਦੂਜਾ ਉਨ੍ਹਾਂ ਦੀ ਸਿਹਤ ਸਹੀ ਨਹੀਂ ਹੈ। ਇਸੇ ਕਰਕੇ ਬ੍ਰਹਮਪੁਰਾ ਪੰਜਾਬ ਵਿੱਚ ਸਰਗਰਮ ਸਿਆਸਤ ਨਹੀਂ ਕਰ ਸਕਦੇ।
ਉਨ੍ਹਾਂ ਕਿਹਾ ਕਿ ਸਾਰੀ ਲੀਡਰਸ਼ਿਪ ਨੇ ਇਹ ਸਲਾਹ ਬਣਾਈ ਕਿ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸਰਪ੍ਰਸਤ ਅਤੇ ਸੁਖਦੇਵ ਸਿੰਘ ਢੀਂਡਸਾ ਨੂੰ ਪ੍ਰਧਾਨ ਬਣਾਇਆ ਜਾਵੇ ਪਰ ਲੋਕਾਂ ਨੂੰ ਮਨਜ਼ੂਰ ਨਹੀਂ ਸੀ। ਡਾ. ਰਤਨ ਸਿੰਘ ਅਜਨਾਲਾ ਦੇ ਸਾਥ ਛੱਡਣ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਜਦੋਂ ਰਤਨ ਸਿੰਘ ਅਜਨਾਲਾ ਦਾ ਮੁੰਡਾ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸ ਗਿਆ ਤਾਂ ਉਹ ਨਿਰਾਸ਼ ਹੋ ਕੇ ਘਰ ਬੈਠ ਗਏ।
ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਇਕੱਠ ਕਰਨਾ ਪਿਆ ਮਹਿੰਗਾ, ਲੁਧਿਆਣਾ ਪੁਲਿਸ ਨੇ ਦਰਜ ਕੀਤਾ ਮਾਮਲਾ
ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਉਹ ਲਗਾਤਾਰ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਸੰਪਰਕ ਕਰ ਰਹੇ ਹਨ ਅਤੇ ਅਜੇ ਵੀ ਅਸੀਂ ਸਾਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਨਮੁੱਖ ਕੀਤੀ ਅਰਦਾਸ 'ਤੇ ਕਾਇਮ ਹਾਂ, ਜੇਕਰ ਉਹ ਅਕਾਲੀ ਦਲ ਵਿੱਚ ਆਉਣਾ ਚਾਹੁਣ ਤਾਂ ਆ ਸਕਦੇ ਹਨ, ਬਾਕੀ ਉਨ੍ਹਾਂ ਦੀ ਮਰਜ਼ੀ ਹੈ।