ਅੰਮ੍ਰਿਤਸਰ: ਜਬਰ-ਜਨਾਹ ਦੇ ਕੇਸ ਵਿੱਚ ਪੰਥ 'ਚੋਂ ਛੇਕੇ ਗਏ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਪਿਛਲੇ ਦਿਨੀਂ ਧਾਰੀਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਛਕਾਇਆ ਗਿਆ ਸੀ। ਇਸ ਮਾਮਲੇ ਵਿੱਚ ਮੰਗਲਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੰਮ੍ਰਿਤ ਛਕਾਉਣ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੇ ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ ਦੇ ਸਾਬਕਾ ਮੈਂਬਰ ਰਤਨ ਸਿੰਘ ਜਫ਼ਰਵਾਲ ਅਤੇ ਮੌਜੂਦਾ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਤਨਖਾਹੀਆ ਕਰਾਰ ਦਿੱਤਾ ਗਿਆ।
ਸੁੱਚਾ ਸਿੰਘ ਲੰਗਾਹ ਨੂੰ ਅੰਮ੍ਰਿਤ ਛਕਾਉਣ ਦੀ ਸ਼ਿਕਾਇਤ ਕੁੱਝ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਕੀਤੀ ਗਈ ਸੀ।
ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ 5 ਸਿੰਘ ਸਾਹਿਬਾਨਾਂ ਵੱਲੋਂ ਗੁਰਮਤਾ ਕਰਕੇ ਸੁੱਚਾ ਸਿੰਘ ਲੰਗਾਹ ਨਾਲ ਸਾਂਝ ਰੱਖਣ ਵਾਲੇ ਰਤਨ ਸਿੰਘ ਜਫਰਵਾਲ ਅਤੇ ਗੁਰਿੰਦਰਪਾਲ ਸਿੰਘ ਗੋਰਾ ਨੂੰ ਤਨਖਾਹੀਆ ਕਰਾਰ ਦਿੱਤਾ ਹੈ।
ਇਨ੍ਹਾਂ ਦੋਹਾਂ ਉਪਰੋਕਤ ਵਿਅਕਤੀਆਂ ਨੂੰ ਤਨਖਾਹੀਆ ਕਰਾਰ ਦੇਣ ਦਾ ਫ਼ੈਸਲਾ ਸਿੰਘ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਗਤਾਂ ਦੀ ਹਾਜ਼ਰੀ ਵਿੱਚ ਸੁਣਾਇਆ।