ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪਰਿਵਾਰ ਸਣੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਦਰਬਾਰ ਸਾਹਿਬ ਨਤਮਸਤਕ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ।
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਹਰਿਆਣਾ ਦੇ ਕਿਸਾਨ ਦੇਸ਼ ਨੂੰ ਅੰਨ ਦਿੰਦੇ ਹਨ। ਉਨ੍ਹਾਂ ਕਿਸਾਨਾਂ ਦੀ ਮਿਹਨਤ ਕਰਕੇ ਹੀ ਦੇਸ਼ ਵਿੱਚ ਅੰਨ ਸਰਪੱਲਸ ਹੁੰਦਾ ਹੈ। ਬਾਦਲ ਨੇ ਕਿਹਾ ਕਿ ਜੇਕਰ ਦੇਸ਼ ਦਾ ਕਿਸਾਨ ਖੁਸ਼ ਹੈ ਤਾਂ ਪੂਰਾ ਦੇਸ਼ ਖੁਸ਼ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਹਰਿਆਣਾ ਸੂਬੇ ਵਿੱਚ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਟਰੇਨ ਦੀ ਪਟੜੀਆਂ ਉੱਤੇ ਬੈਠ ਕੇ ਵਿਰੋਧ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਜਿਹੜੇ ਖੇਤੀ ਕਾਨੂੰਨ ਨੂੰ ਲਿਆਂਦਾ ਹੈ ਇਸ ਦਾ ਅਸਰ ਕਿਸਾਨੀ ਦੇ ਨਾਲ ਮਜ਼ਦੂਰਾਂ, ਦੁਕਾਨਦਾਰਾਂ ਤੇ ਹੋਰ ਦੂਜੇ ਵਰਗਾਂ ਉੱਤੇ ਪਵੇਗਾ।
ਉਨ੍ਹਾਂ ਕਿਹਾ ਕਿ ਇਹ ਬੜੇ ਹੀ ਦੁੱਖ ਦੀ ਗੱਲ ਹੈ ਕਿ ਖੇਤੀ ਕਾਨੂੰਨ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਵਿਰੋਧ ਕੀਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਲੈ ਕੇ ਕੋਈ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਜਿਹੜੀ ਸੂਬਾ ਸਰਕਾਰ ਵੱਲੋਂ ਮੰਤਰੀਆਂ ਦੀ ਕਮੇਟੀ ਬਣਾਈ ਗਈ ਹੈ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਨਹੀਂ ਬਣਾਈ, ਇਹ ਕਿਸਾਨਾਂ ਨੂੰ ਖੇਤੀ ਕਾਨੂੰਨ ਸਮਝਾਉਣ ਵਾਸਤੇ ਬਣਾਈ ਗਈ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਮੰਨ ਲੈਣ। ਉਨ੍ਹਾਂ ਨੇ ਕੇਂਦਰ ਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪ ਇੱਕ ਮੀਟਿੰਗ ਬੁਲਾਉਣ ਜਿਸ ਵਿੱਚ ਸਮੁੱਚੀ ਕਿਸਾਨ ਜਥੇਬੰਦੀਆਂ ਨੂੰ ਬੁਲਾਉਣ ਤੇ ਉਨ੍ਹਾਂ ਦੇ ਸਾਰੇ ਸ਼ੰਕੇ ਸੁਣਨ।
ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਸਰਕਾਰ ਜਦੋਂ ਮਰਜ਼ੀ ਇਹ ਚੋਣਾਂ ਕਰਵਾ ਲਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਨਾਲ ਖੱੜਣ ਤੇ ਕਿਸਾਨਾਂ ਮਗਰ ਲੱਗਣ ਨੂੰ ਵੀ ਤਿਆਰ ਹਨ।
ਸੁਖਬੀਰ ਬਾਦਲ ਨੇ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਜਾ ਕੇ ਬੈਠਣਾ ਚਾਹੀਦਾ ਹੈ ਪਰ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਨੂੰ ਤਿਆਰ ਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਤੇ ਪੰਜਾਬ ਦਾ ਮੁੱਖ ਮੰਤਰੀ ਕੁੱਝ ਕਰਨ ਨੂੰ ਤਿਆਰ ਨਹੀਂ ਹੈ। ਸੁਖਬੀਰ ਸਿੰਘ ਬਾਦਲ ਨੇ ਨਵਜੋਤ ਸਿੰਘ ਬਾਰੇ ਬੋਲਦੇ ਹੋਏ ਕਿਹਾ ਕਿ ਇਸ ਗੱਲ ਦੀ ਮੈਂ ਗੰਰਟੀ ਦਿੰਦਾ ਹਾਂ ਕਿ ਉਹ ਅਕਾਲੀ ਦਲ ਵਿੱਚ ਨਹੀਂ ਆ ਸਕਦੇ।
ਉਨ੍ਹਾਂ ਨੇ ਆਖ਼ਰ ਵਿੱਚ ਕਿਹਾ ਕਿ ਇਹ ਲੜਾਈ ਇਕਜੁੱਟ ਹੋ ਕੇ ਲੜਣ ਦੀ ਹੈ। ਜੇਕਰ ਅਸੀਂ ਸਾਰੇ ਇੱਕ ਝੰਡੇ ਦੇ ਹੇਠ ਲੜਾਈ ਲੜਾਗੇ ਤਾਂ ਅਸੀਂ ਜ਼ਰੂਰ ਜਿੱਤਾਗੇ।