ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਖੇਤਰ ਦੇ ਥਾਣਾ ਮੱਤੇਵਾਲ ਅਧੀਨ ਪੈਂਦੇ ਪਿੰਡ ਰਾਮਦੀਵਾਲੀ ਮੁਸਲਮਾਨਾਂ ਦੇ ਗੁਰਦੁਆਰਾ ਸਾਹਿਬ ਵਿੱਚ ਅਚਾਨਕ ਸ਼ਾਰਟ ਸਰਕਟ ਹੋ ਜਾਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਂਟ ਹੋ ਜਾਣ ਦੀ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇਸ ਸਬੰਧੀ ਸਰਪੰਚ ਰਜਿੰਦਰ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਵਿੱਚ ਸਾਹਮਣੇ ਆਇਆ ਹੈ ਕਿ ਗੁਰਦੁਆਰਾ ਸਾਹਿਬ ਵਿੱਚ ਗੁਰੂ ਸਾਹਿਬ ਦਾ ਪ੍ਰਕਾਸ਼ ਕੀਤਾ ਹੋਇਆ ਸੀ ਕਿ ਇਸ ਦੌਰਾਨ ਪੱਖੇ ਵਿਚ ਸਪਾਰਕਿੰਗ ਹੋ ਜਾਣ ਕਾਰਨ ਰੁਮਾਲਾ ਸਾਹਿਬ ਅਗਨ ਭੇਂਟ ਹੋਣ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਵੀ ਅਗਨ ਭੇਂਟ ਹੋ ਗਿਆ। ਜਿਸ ਕਾਰਨ ਸਮੂਹ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਇਹ ਬੇਹੱਦ ਦੁਖਦਾਈ ਹੈ। ਉਨ੍ਹਾਂ ਦੱਸਿਆ ਕਿ ਇਸ ਦੁਖਦਾਈ ਘਟਨਾ ਬਾਰੇ ਹਲਕੇ ਦੇ ਐੱਸ.ਜੀ.ਪੀ.ਸੀ ਮੈਂਬਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕਰ ਦਿੱਤਾ ਗਿਆ ਸੀ ਜਿਨ੍ਹਾਂ ਵਲੋਂ ਮੌਕੇ 'ਤੇ ਪੁੱਜ ਕੇ ਘਟਨਾ ਦੀ ਜਾਂਚ ਕੀਤੀ ਹੈ।
ਇਸ ਸਬੰਧੀ ਥਾਣਾ ਮੱਤੇਵਾਲ ਦੇ ਐੱਸ.ਐੱਚ.ਓ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਗਈ ਹੈ ਅਤੇ ਇਹ ਦੁਖਦਾਈ ਘਟਨਾ ਅਚਾਨਕ ਵਾਪਰੀ ਹੋਣ ਦੇ ਚਲਦਿਆਂ ਮੋਹਤਬਰਾਂ ਵਲੋ ਕੋਈ ਵੀ ਕਾਨੂੰਨੀ ਕਾਰਵਾਈ ਤੋਂ ਇਨਕਾਰ ਕੀਤਾ ਗਿਆ ਹੈ।
ਜਿਕਰਯੋਗ ਹੈ ਕਿ ਇਸ ਦੌਰਾਨ ਘਟਨਾ ਦੀ ਕਵਰੇਜ ਕਰਨ ਪਹੁੰਚੇ ਕੁਝ ਪੱਤਰਕਾਰਾਂ ਨਾਲ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਾੜਾ ਵਿਵਹਾਰ ਵੀ ਕੀਤਾ ਗਿਆ। ਜਿਸ ਸਬੰਧੀ ਪੱਤਰਕਾਰਾਂ ਵਲੋਂ ਮੱਤੇਵਾਲ ਪੁਲਿਸ ਨੂੰ ਕਾਰਵਾਈ ਲਈ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ, ਜਿਸ ਤੇ ਥਾਣਾ ਮੁਖੀ ਵਲੋਂ ਜਾਂਚ ਦਾ ਭਰੋਸਾ ਦਿੱਤਾ ਗਿਆ ਹੈ।