ਅੰਮ੍ਰਿਤਸਰ: ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਅਤੇ ਗੁਟਕਾ ਸਾਹਿਬ ਦੀਆਂ ਬੇਅਦਬੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਪਰਾਗ ਚੌਂਕ ਤੋਂ ਸਾਹਮਣੇ ਆਇਆ ਹੈ। ਜਿੱਥੇ 2 ਘਰਾਂ ਦੇ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਰੱਖੇ ਗਏ ਸਨ। ਪਰ ਇਨ੍ਹਾਂ ਘਰਾਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਦੇਖਭਾਲ ਸਹੀ ਢੰਗ ਨਾਲ ਨਹੀਂ ਕੀਤੀ ਗਈ। ਜਿਸ ਨੂੰ ਲੈਕੇ ਸਿੱਖ ਸੰਗਤ ਵਿੱਚ ਕਾਫ਼ੀ ਰੋਸ ਹੈ। ਇਨ੍ਹਾਂ ਘਰਾਂ ਵਿੱਚ ਗੁਰੂ ਸਾਹਿਬ ਦੀ ਖ਼ਬਰ ਮਿਲਣ ਤੋਂ ਬਾਅਦ ਇੱਥੇ ਕਾਫ਼ੀ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਪਹੁੰਚੀ।
ਮੀਡੀਆ ਨਾਲ ਗੱਲਬਾਤ ਦੌਰਾਨ ਸਤਿਕਾਰ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਮੁੱਛਲ (President Balbir Singh Muchhal) ਨੇ ਕਿਹਾ ਕਿ ਉਨ੍ਹਾਂ ਨੂੰ ਲੰਮੇ ਸਮੇਂ ਤੋਂ ਜਾਣਕਾਰੀ ਮਿਲ ਰਹੀ ਸੀ, ਕਿ ਪਰਾਗ ਚੌਂਕ ਦੇ ਵਿੱਚ ਕਈਆਂ ਘਰਾਂ ਦੇ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਰੱਖੇ ਗਏ ਹਨ।
ਇਸ ਤੋਂ ਬਾਅਦ ਉਨ੍ਹਾਂ ਵੱਲੋਂ ਅੱਜ ਕਰੀਬ ਪੰਜ ਘਰਾਂ ਦੀ ਜਾਂਚ ਕੀਤੀ ਗਈ ਤਾਂ ਉੱਥੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਸਹੀ ਢੰਗ ਨਾਲ ਨਹੀਂ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ 2 ਘਰਾਂ ‘ਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੁੱਕ ਲਏ ਗਏ ਹਨ।
ਉੱਥੇ ਹੀ ਬਲਬੀਰ ਸਿੰਘ ਮੁੱਛਲ ਦਾ ਕਹਿਣਾ ਹੈ ਕਿ ਕਈ ਹੋਰ ਵੀ ਘਰ ਹਨ ਜਿਨ੍ਹਾਂ ‘ਚ ਗੁਰੂ ਗ੍ਰੰਥ ਸਾਹਿਬ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਨੂੰ ਵੀ ਜਾ ਕੇ ਜਾਂਚ ਕਰਾਂਗੇ ਪਰ ਉਨ੍ਹਾਂ ਦਾ ਪੂਰਨ ਤੌਰ ‘ਤੇ ਸਨਮਾਨ ਨਹੀਂ ਕੀਤਾ ਜਾਂਦਾ ਅਤੇ ਨਾ ਹੀ ਸੁੱਖ ਆਸਨ ਸਹੀ ਢੰਗ ਨਾਲ ਕੀਤਾ ਜਾਂਦਾ ਹੈ ਅਤੇ ਨਾ ਹੀ ਉਨ੍ਹਾਂ ਦਾ ਪ੍ਰਕਾਸ਼ ਸਹੀ ਢੰਗ ਨਾਲ ਕੀਤਾ ਜਾਂਦਾ ਹੈ।
ਉਧਰ ਘਰ ਦੇ ਮਾਲਕ ਸਤਨਾਮ ਸਿੰਘ ਨੇ ਕਿਹਾ ਕਿ ਮੇਰੀ ਉਮਰ ਜਿਆਦਾ ਹੋਣ ਕਰਕੇ ਮੇਰੇ ਤੋਂ ਗੁਰੂ ਗ੍ਰੰਥ ਸਾਹਿਬ ਦੀ ਸੇਵਾ ਨਹੀਂ ਹੋ ਸਕੀ। ਜਿਸ ਲਈ ਉਨ੍ਹਾਂ ਨੇ ਸਤਕਾਰ ਕਮੇਟੀ ਨੂੰ ਗੁਰੂ ਸਾਹਿਬ ਦੇ ਸਰੂਪ ਚੁਕਵਾ ਦਿੱਤੇ।
ਉਨ੍ਹਾਂ ਨੇ ਕਿਹਾ ਕਿ ਮੇਰੇ ਮਾਤਾ ਜੀ ਵੱਲੋਂ ਇਨ੍ਹਾਂ ਸਰੂਪਾ ਦੀ ਸੇਵਾ ਕੀਤੀ ਜਾਂਦੀ ਸੀ। ਜਿਸ ਤੋਂ ਬਾਅਦ ਫਿਰ ਉਨ੍ਹਾਂ ਨੇ ਗੁਰੂ ਸਾਹਿਬ ਦੀ ਸੇਵਾ ਸ਼ੁਰੂ ਕੀਤੀ ਸੀ।