ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨ ਸੰਘਰਸ਼ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ 7 ਕਿਸਾਨਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਕਿਸਾਨਾਂ ਦੇ ਸੰਘਰਸ਼ ਦੀ ਕਾਮਯਾਬੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਵਿੱਚ 7 ਦਸੰਬਰ ਨੂੰ ਸਵੇਰੇ 8 ਤੋਂ 9 ਵਜੇ ਤੱਕ ਅਰਦਾਸ ਸਮਾਗਮ ਵੀ ਕੀਤੇ ਜਾਣਗੇ।
ਐਸਜੀਪੀਸੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿੱਚ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਕਈ ਫੈਸਲੇ ਲੈਦਿਆਂ ਕਿਸਾਨੀ ਸੰਘਰਸ਼ ਦੀ ਭਰਵੀਂ ਹਿਮਾਇਤ ਕੀਤੀ ਗਈ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਦਿੱਲੀ ਵਿਖੇ ਕਿਸਾਨ ਸੰਘਰਸ਼ ਵਿੱਚ ਸ਼ਾਮਲ ਚਲਾਣਾ ਕਰ ਗਏ 7 ਕਿਸਾਨਾਂ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਦੇ ਨਾਲ ਹੀ ਸੰਘਰਸ਼ ਵਿੱਚ ਸ਼ਾਮਲ ਬੀਬੀਆਂ ਲਈ ਅਰਜ਼ੀ ਇਸ਼ਨਾਨ ਘਰ ਤੇ ਪਾਖਾਨੇ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।
ਸੰਘਰਸ਼ ਦੀ ਕਾਮਯਾਬੀ ਲਈ ਇਤਿਹਾਸਕ ਗੁਰਦੁਆਰਿਆਂ ਵਿੱਚ 7 ਦਸੰਬਰ ਨੂੰ ਅਰਦਾਸ ਸਮਾਗਮ ਕੀਤੇ ਜਾਣਗੇ। ਜਿਨ੍ਹਾਂ ਵਿੱਚ ਕੀਰਤਨ ਉਪਰੰਤ ਅਰਦਾਸ ਹੋਵੇਗੀ।
ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਦੀ ਕੜੀ ਨਿੰਦਾ ਅਤੇ ਕਿਸਾਨਾਂ ਸ਼ਲਾਘਾ ਕਰਦੇ ਹੋਏ ਕਾਲੇ ਕਾਨੂੰਨਾੰ ਨੂੰ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਨੇ ਕੰਗਨਾ ਰਣੌਤ ਵੱਲੋਂ ਬਜ਼ੁਰਗ ਔਰਤ ਖ਼ਿਲਾਫ਼ ਕੀਤੀ ਟਿੱਪਣੀ ਦੀ ਵੀ ਨਿੰਦਾ ਕੀਤੀ ਹੈ।