ਅਮ੍ਰਿਤਸਰ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਸਬੰਧੀ ਉਨ੍ਹਾਂ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਕੱਢੇ ਜਾਣ ਵਾਲੇ ਅੰਤਰ ਰਾਸ਼ਟਰੀ ਨਗਰ ਕੀਰਤਨ ਦੀਆ ਅਗਾਊਂ ਤਿਆਰੀਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਚਾਰ ਮੈਬਰਾਂ ਦਾ ਵਫ਼ਦ ਪਾਕਿਸਤਾਨ ਲਈ ਰਵਾਨਾ ਹੋ ਗਿਆ ਹੈ।
ਇਸ ਵਫ਼ਦ ਵਿੱਚ ਭਾਈ ਰਾਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾਕਟਰ ਰੂਪ ਸਿੰਘ, ਗੁਰਮੀਤ ਸਿੰਘ ਬੂਹ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਹਾਇਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਸ਼ਾਮਲ ਹਨ।
ਐੱਸਜੀਪੀਸੀ ਦੇ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਦਾ ਕਹਿਣਾ ਹੈ ਕਿ ਇਹ ਕੌਮਾਂਤਰੀ ਨਗਰ ਕੀਰਤਨ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਸ਼ੁਰੂ ਹੋ ਕੇ ਭਾਰਤ ਦੀ ਸਰਹੱਦ ਅਟਾਰੀ ਵਾਹਘਾ ਰਾਹੀਂ ਭਾਰਤ ਪਹੁੰਚੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪਹਿਲੀ ਵਾਰ ਪਾਕਿਸਤਾਨ ਤੇ ਭਾਰਤ ਦੀ ਸੰਗਤ ਇਸ ਇਤਿਹਾਸਿਕ ਨਗਰ ਕੀਰਤਨ ਦਾ ਹਿੱਸਾ ਬਣਨਗੀਆਂ ਅਤੇ ਸੰਗਤ ਵਾਸਤੇ ਵਿਸ਼ੇਸ਼ ਇੰਤਜਾਮ ਕੀਤੇ ਗਏ ਹਨ ਜਿਸ ਵਿੱਚ ਸਰਹੱਦ 'ਤੇ ਸੰਗਤ ਲਈ ਲੰਗਰ ਦੀ ਵਿਵਸਥਾ ਵੀ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਇਹ ਨਗਰ ਕੀਰਤਨ 1 ਅਗਸਤ ਨੂੰ ਨਨਕਾਣਾ ਸਾਹਿਬ ਤੋਂ ਸ਼ੁਰੂ ਹੋ ਕੇ ਦੁਪਹਿਰ ਅੰਤਰ ਰਾਸ਼ਟਰੀ ਸਰਹੱਦ ਰਾਹੀਂ ਭਾਰਤ ਦਾਖ਼ਲ ਹੋਵੇਗਾ ਜਿੱਥੇ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ। ਭਾਰਤ ਪਾਕਿਸਤਾਨ ਦੀ ਵੰਡ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦ ਕੋਈ ਨਗਰ ਕੀਰਤਨ ਪਾਕਿਸਤਾਨ ਤੋਂ ਭਾਰਤ ਆਵੇਗਾ।